ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਪਟਿਆਲਾ :- ਪਟਿਆਲਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਧਮਾਕਾਖੇਜ਼ ਸਮੱਗਰੀ ਰੱਖ ਕੇ ਧਮਾਕਾ ਕਰਨ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਹ ਧਮਕੀ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਫ਼ਤਰ ਨੂੰ ਭੇਜੀ ਗਈ ਇੱਕ ਈਮੇਲ ਰਾਹੀਂ ਦਿੱਤੀ ਗਈ।
ਜਾਣਕਾਰੀ ਅਨੁਸਾਰ ਈਮੇਲ ਵਿੱਚ ਦੁਪਹਿਰ ਦੇ ਸਮੇਂ ਧਮਾਕਾ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ.ਐਸ.ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਕੋਰਟ ਕੰਪਲੈਕਸਾਂ ਦੀ ਸੁਰੱਖਿਆ ਜਾਂਚ ਜਾਰੀ
ਐਸ.ਐਸ.ਪੀ. ਪਟਿਆਲਾ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਦੀ ਡੂੰਘਾਈ ਨਾਲ ਜਾਂਚ ਅਤੇ ਤਲਾਸ਼ੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਦੁਪਹਿਰ 3 ਵਜੇ ਤੱਕ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਅਧੀਨ ਆਉਂਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੁਲਿਸ ਕਲੀਅਰੈਂਸ ਤੋਂ ਬਾਅਦ ਮੁੜ ਸ਼ੁਰੂ ਹੋਵੇਗਾ ਕੰਮਕਾਜ
ਪੁਲਿਸ ਅਤੇ ਐਸ.ਐਸ.ਪੀ. ਪਟਿਆਲਾ ਵੱਲੋਂ ਸੁਰੱਖਿਆ ਜਾਂਚ ਪੂਰੀ ਕਰਨ ਅਤੇ ਕਲੀਅਰੈਂਸ ਜਾਰੀ ਕਰਨ ਤੋਂ ਬਾਅਦ ਹੀ ਅਦਾਲਤੀ ਕੰਮਕਾਜ ਮੁੜ ਸ਼ੁਰੂ ਕੀਤਾ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਧਮਕੀ ਭੇਜਣ ਵਾਲੇ ਸਰੋਤਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

