ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਆਪਣੇ ਆਖਰੀ ਪੜਾਅ ’ਤੇ ਪਹੁੰਚ ਗਿਆ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੇ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੈ ਕੇ ਚੱਲਿਆ ਇਹ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ।
ਸਿੱਖ ਵਿਰਾਸਤ ਅਤੇ ਗੁਰਮਤਿ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸਿੱਖ ਇਤਿਹਾਸ, ਵਿਰਾਸਤ ਅਤੇ ਗੁਰਮਤਿ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਇਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖੀ ਦੀਆਂ ਮੂਲ ਸਿੱਖਿਆਵਾਂ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।
ਬਠਿੰਡਾ ਤੋਂ ਤਲਵੰਡੀ ਸਾਬੋ ਲਈ ਰਵਾਨਾ ਹੋਵੇਗਾ ਮਾਰਚ
ਜਾਣਕਾਰੀ ਮੁਤਾਬਕ ਮਾਰਚ ਅੱਜ ਸਵੇਰੇ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ। ਉੱਥੇ ਧਾਰਮਿਕ ਸਮਾਗਮਾਂ ਦੇ ਨਾਲ ਇਸ ਦੀ ਸਮਾਪਤੀ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਦਿੱਤਾ ਸੰਦੇਸ਼
ਮਾਰਚ ਦੌਰਾਨ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਸਰਵਉੱਚਤਾ ਬਾਰੇ ਜਾਗਰੂਕ ਕੀਤਾ ਗਿਆ। ਪ੍ਰਬੰਧਕਾਂ ਮੁਤਾਬਕ ਇਸ ਯਾਤਰਾ ਦਾ ਉਦੇਸ਼ ਸਿੱਖ ਕੌਮ ਵਿੱਚ ਏਕਤਾ ਅਤੇ ਧਾਰਮਿਕ ਚੇਤਨਾ ਨੂੰ ਮਜ਼ਬੂਤ ਕਰਨਾ ਹੈ।

