ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਕਰਦੇ ਸਨ, ਇੱਕ ਮੁਲਜ਼ਮ ਅਜੇ ਵੀ ਫਰਾਰ
ਖੰਨਾ :- ਜ਼ਿਲ੍ਹਾ ਪੁਲਿਸ ਨੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਸਰਗਰਮ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਗਿਰੋਹ ਖੰਨਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਹੈ।
ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਬਾਰੇ ਐਸ.ਪੀ. (ਜਾਂਚ) ਪਵਨਜੀਤ ਨੇ ਦੱਸਿਆ ਕਿ ਸਿਟੀ ਥਾਣਾ-2 ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਰਾਜਧਾਨੀ ਇਨਕਲੇਵ ਨੇੜੇ ਮਲੇਰਕੋਟਲਾ ਰੋਡ ’ਤੇ ਨਾਕਾਬੰਦੀ ਕਰਕੇ ਯਾਦਵਿੰਦਰ ਸਿੰਘ ਉਰਫ਼ ਜਿੰਮੀ, ਅਸਲਮ ਮੁਹੰਮਦ ਉਰਫ਼ ਆਸ਼ੂ, ਸੁਖਦੀਪ ਸਿੰਘ ਉਰਫ਼ ਪੋਪੋ ਅਤੇ ਦਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਾਰੇ ਮੁਲਜ਼ਮ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੇ ਵਸਨੀਕ ਹਨ। ਇਸ ਮਾਮਲੇ ਵਿੱਚ ਗੁਰਮੀਤ ਕੌਰ ਨਾਮ ਦੀ ਇੱਕ ਹੋਰ ਮੁਲਜ਼ਮ ਅਜੇ ਫਰਾਰ ਦੱਸੀ ਜਾ ਰਹੀ ਹੈ।
ਰਾਹਗੀਰਾਂ ਅਤੇ ਬਜ਼ੁਰਗਾਂ ਨੂੰ ਬਣਾਉਂਦੇ ਸਨ ਨਿਸ਼ਾਨਾ
ਪੁਲਿਸ ਅਨੁਸਾਰ ਇਹ ਗਿਰੋਹ ਰਾਹਗੀਰਾਂ, ਬਜ਼ੁਰਗਾਂ, ਔਰਤਾਂ ਅਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ, ਨਕਦੀ, ਸੋਨੇ ਦੀਆਂ ਚੇਨਾਂ, ਵਾਲੀਆਂ ਅਤੇ ਹੋਰ ਕੀਮਤੀ ਸਾਮਾਨ ਖੋਹ ਲੈਂਦਾ ਸੀ। ਇਸ ਤੋਂ ਇਲਾਵਾ ਗਿਰੋਹ ਵੱਲੋਂ ਸਕੂਟਰਾਂ ਅਤੇ ਮੋਟਰਸਾਈਕਲਾਂ ਦੀ ਚੋਰੀ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾਂਦਾ ਸੀ।
ਸੋਨੇ ਦੇ ਗਹਿਣਿਆਂ ਸਮੇਤ ਮੋਟਰਸਾਈਕਲ ਬਰਾਮਦ
ਮੁੱਢਲੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਗਿਰੋਹ ਨੇ ਖੰਨਾ, ਸਮਰਾਲਾ, ਫਤਹਿਗੜ੍ਹ ਸਾਹਿਬ, ਮਲੇਰਕੋਟਲਾ, ਪਟਿਆਲਾ, ਲੁਧਿਆਣਾ ਦਿਹਾਤੀ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਰੀਬ ਇੱਕ ਦਰਜਨ ਤੋਂ ਵੱਧ ਵਾਰਦਾਤਾਂ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚਾਰ ਸੋਨੇ ਦੀਆਂ ਚੇਨਾਂ, ਚਾਰ ਜੋੜੇ ਸੋਨੇ ਦੀਆਂ ਵਾਲੀਆਂ, ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ਅਤੇ ਇੱਕ ਲੋਹੇ ਦਾ ਦਾਹ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੁੱਛਗਿੱਛ ਜਾਰੀ, ਹੋਰ ਖੁਲਾਸਿਆਂ ਦੀ ਉਮੀਦ
ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਹੋਰ ਵਾਰਦਾਤਾਂ ਦੇ ਭੇਦ ਖੁੱਲ੍ਹਣ ਦੀ ਸੰਭਾਵਨਾ ਹੈ। ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ। ਪੁਲਿਸ ਨੇ ਕਿਹਾ ਕਿ ਸੰਗਠਿਤ ਅਪਰਾਧ ਵਿੱਚ ਸ਼ਾਮਲ ਗਿਰੋਹਾਂ ਖ਼ਿਲਾਫ਼ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

