ਅੰਮ੍ਰਿਤਸਰ :- ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਗੁਰਪ੍ਰੀਤ ਸਿੰਘ ਭੁੱਲਰ ਨੂੰ ਹਟਾਏ ਜਾਣ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਤਬਾਦਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਇਸ ਮਾਮਲੇ ਵਿੱਚ ਸਿਆਸਤ ਦਾ ਸ਼ਿਕਾਰ ਹੋਏ ਹਨ ਅਤੇ ਕਾਨੂੰਨ ਵਿਵਸਥਾ ਦੇ ਮਾਮਲਿਆਂ ਵਿੱਚ ਰਾਜਨੀਤਿਕ ਦਖ਼ਲ ਨਹੀਂ ਹੋਣਾ ਚਾਹੀਦਾ।
‘ਅਧਿਕਾਰੀ ਨੂੰ ਦਬਾਅ ਤੋਂ ਬਿਨਾਂ ਡਿਊਟੀ ਨਿਭਾਉਣੀ ਚਾਹੀਦੀ’
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਕੁਸ਼ਲਤਾ ਨਾਲ ਨਿਭਾਏ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਾ ਝੁਕੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਪਣਾ ਕੰਮ ਸੁਤੰਤਰ ਤੌਰ ’ਤੇ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।
ਸੁਖਬੀਰ ਬਾਦਲ ਦੀ ਮੋਦੀ ਨਾਲ ਮੁਲਾਕਾਤ ’ਤੇ ਵੀ ਨਿਸ਼ਾਨਾ
ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੇ ਜਾਣ ਸਬੰਧੀ ਵੇਰਕਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੋਵਾਂ ਪ੍ਰਤੀ ਪੰਜਾਬ ਦੇ ਲੋਕਾਂ ਦਾ ਭਰੋਸਾ ਪਹਿਲਾਂ ਹੀ ਘੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਪਾਰਟੀਆਂ ਭਵਿੱਖ ਵਿੱਚ ਕਿਸੇ ਤਰ੍ਹਾਂ ਦਾ ਗੱਠਜੋੜ ਕਰਦੀਆਂ ਹਨ ਤਾਂ ਵੀ ਇਸ ਨਾਲ ਸੂਬੇ ਦੀ ਸਿਆਸਤ ’ਤੇ ਕੋਈ ਵੱਡਾ ਅਸਰ ਨਹੀਂ ਪਵੇਗਾ।
ਵੇਰਕਾ ਨੇ ਦੋਸ਼ ਲਾਇਆ ਕਿ ਜਿਨ੍ਹਾਂ ਸਿਆਸੀ ਪਾਰਟੀਆਂ ਨੇ ਲੋਕਾਂ ਦਾ ਭਰੋਸਾ ਗੁਆ ਦਿੱਤਾ ਹੈ, ਉਨ੍ਹਾਂ ਦੇ ਇਕੱਠੇ ਆਉਣ ਨਾਲ ਜਨਤਾ ਦਾ ਟੁੱਟਿਆ ਵਿਸ਼ਵਾਸ ਮੁੜ ਕਾਇਮ ਨਹੀਂ ਹੋ ਸਕਦਾ।

