ਚੰਡੀਗੜ੍ਹ :- ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਲਿਖੇ ਪੱਤਰ ਦਾ ਸਵਾਗਤ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਸਰਕਾਰ ਵੱਲੋਂ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ।
10 ਦਿਨਾਂ ਦੀ ਬਜਾਏ ਵੱਧ ਸਮੇਂ ਲਈ ਪੈਰੋਲ ਦੀ ਮੰਗ
ਭਾਈ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੈਰੋਲ ਦੇਣ ਦੀ ਪਹਿਲ ਕੀਤੀ ਹੈ ਤਾਂ ਇਸ ਨੂੰ ਸਿਰਫ਼ 10 ਦਿਨਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਵੱਧ ਸਮੇਂ ਲਈ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਪਰਿਵਾਰ ਨਾਲ ਜੁੜੇ ਹੋਰ ਜ਼ਰੂਰੀ ਕੰਮ ਵੀ ਪੂਰੇ ਕਰ ਸਕਣ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਜਾਰੀ
ਭਾਈ ਪਾਲ ਸਿੰਘ ਫ਼ਰਾਂਸ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਨੂੰ ਦੇਖਦਿਆਂ ਪੈਰੋਲ ਦਾ ਸਮਾਂ ਵਧਾਉਣਾ ਜ਼ਰੂਰੀ ਹੈ।
ਮਾਨ ਨੇ ਰਾਜਪਾਲ ਨੂੰ ਕੀਤੀ ਸੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਪੱਤਰ ਵਿੱਚ ਹਵਾਰਾ ਦੀ ਮਾਤਾ ਦੀ ਵਧਦੀ ਉਮਰ ਅਤੇ ਵਿਗੜ ਰਹੀ ਸਿਹਤ ਦਾ ਹਵਾਲਾ ਦਿੰਦਿਆਂ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਹਵਾਰਾ ਵੱਲੋਂ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਵੱਲੋਂ ਉਸ ਦੀ ਅਰਜ਼ੀ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

