ਚੰਡੀਗੜ੍ਹ :- ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਸੂਬੇ ਦੇ ਕਈ ਹੋਰ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅਸਮਾਨ ਬੱਦਲਵਾਈ ਰਹਿਣ ਦੇ ਨਾਲ ਇੱਕ-ਦੋ ਵਾਰ ਮੀਂਹ ਪੈ ਸਕਦਾ ਹੈ।
9 ਜ਼ਿਲ੍ਹਿਆਂ ਵਿੱਚ ਪਿਆ ਮੀਂਹ
ਪਿਛਲੇ ਦਿਨ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। 8 ਅਗਸਤ ਨੂੰ ਸਵੇਰੇ 8.30 ਤੋਂ ਸ਼ਾਮ 5.30 ਵਜੇ ਤੱਕ ਲੁਧਿਆਣਾ ਵਿੱਚ ਸਭ ਤੋਂ ਵੱਧ 6 ਮਿਲੀਮੀਟਰ ਮੀਂਹ ਪਿਆ। ਸੰਗਰੂਰ ਵਿੱਚ 4, ਪਟਿਆਲਾ ਅਤੇ ਫ਼ਰੀਦਕੋਟ ਵਿੱਚ 3-3, ਅੰਮ੍ਰਿਤਸਰ ਵਿੱਚ 0.8 ਅਤੇ ਪਠਾਨਕੋਟ, ਫ਼ਤਹਿਗੜ੍ਹ ਸਾਹਿਬ ਤੇ ਫ਼ਿਰੋਜ਼ਪੁਰ ਵਿੱਚ 1-1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਪਠਾਨਕੋਟ ਏਡਬਲਯੂਐਸ, ਥੀਨ ਡੈਮ ਅਤੇ ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਹਵਾਈ ਅੱਡੇ ’ਤੇ ਵੀ ਬਹੁਤ ਹਲਕੀ ਬਾਰਿਸ਼ ਦਰਜ ਕੀਤੀ ਗਈ।
ਤਾਪਮਾਨ ਵਿੱਚ ਵੀ ਆਈ ਗਿਰਾਵਟ
ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਘੱਟ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
12 ਅਗਸਤ ਤੱਕ ਮੀਂਹ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਨਿਰਦੇਸ਼ਕ ਸੁਰੇਂਦਰ ਪਾਲ ਅਨੁਸਾਰ ਮਾਨਸੂਨ ਦੀ ਧੁਰੀ ਆਪਣੀ ਆਮ ਸਥਿਤੀ ਵਿੱਚ ਹੈ ਅਤੇ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 9 ਤੋਂ 12 ਅਗਸਤ ਤੱਕ ਅਤੇ 14 ਅਗਸਤ ਨੂੰ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਇਲਾਕਿਆਂ ਵਿੱਚ ਤੇਜ਼ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਦੱਸੀ ਗਈ ਹੈ।

