ਜਲੰਧਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਦੀ ਮੌਜੂਦਗੀ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਕੇਂਦਰ ਦੀ ਸਥਾਪਨਾ ਦੀ ਮੰਗ ਰਵਿਦਾਸੀਆ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।
25 ਕਰੋੜ ਦੀ ਲਾਗਤ ਨਾਲ 10.4 ਏਕੜ ਵਿੱਚ ਬਣੇਗਾ ਕੇਂਦਰ
ਜਾਣਕਾਰੀ ਅਨੁਸਾਰ ਬਾਣੀ ਅਧਿਐਨ ਕੇਂਦਰ ਦੀ ਉਸਾਰੀ ’ਤੇ ਲਗਭਗ 25 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕਰੀਬ 10.4 ਏਕੜ ਰਕਬੇ ਵਿੱਚ ਬਣਨ ਵਾਲੇ ਕੇਂਦਰ ਵਿੱਚ ਅਧਿਐਨ ਲਈ ਪੜ੍ਹਾਈ ਬਲਾਕ ਦੇ ਨਾਲ ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਹੋਸਟਲ ਵੀ ਬਣਾਏ ਜਾਣਗੇ। ਸਰਕਾਰ ਵੱਲੋਂ ਇਸ ਪ੍ਰਾਜੈਕਟ ਨੂੰ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਮੰਤਰੀਆਂ ਨੇ ਦਿੱਤੀ ਵਧਾਈ, 2027 ਨੂੰ ਲੈ ਕੇ ‘ਆਪ’ ਦਾ ਦਾਅਵਾ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ ਡਾ. ਰਵਜੋਤ ਸਿੰਘ ਨੇ ਕੇਂਦਰ ਦੀ ਉਸਾਰੀ ਸ਼ੁਰੂ ਹੋਣ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਬਾਣੀ ਅਧਿਐਨ ਕੇਂਦਰ ਬਣਾਉਣ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕ ਅਗਲੀਆਂ ਚੋਣਾਂ ਵਿੱਚ ਵੀ ਪਾਰਟੀ ਨੂੰ ਮੌਕਾ ਦੇਣਗੇ। ਉਨ੍ਹਾਂ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਗੱਠਜੋੜ ਹੋਵੇ ਜਾਂ ਨਾ ਹੋਵੇ, ਇਸ ਦਾ ਆਮ ਆਦਮੀ ਪਾਰਟੀ ’ਤੇ ਕੋਈ ਅਸਰ ਨਹੀਂ ਪਵੇਗਾ।

