ਮੋਹਾਲੀ :- ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਲੋਕ ਜਨਸ਼ਕਤੀ ਪਾਰਟੀ ਨੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਪ੍ਰਭਾਰੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਪੀ. ਚੌਧਰੀ ਨੇ ਮੋਹਾਲੀ ਦੇ ਫੇਜ਼-11 ਵਿੱਚ ਸੁਖਦੇਵ ਸਿੰਘ ਪੰਜੇਟਾ ਦੀ ਅਗਵਾਈ ਹੇਠ ਹੋਈ ਵਰਕਰ ਮੀਟਿੰਗ ਦੌਰਾਨ ਦਿੱਤੀ।
ਹਰ ਸੋਮਵਾਰ ਪੰਜਾਬ ਆਉਣਗੇ ਚਿਰਾਗ ਪਾਸਵਾਨ
ਕੇ.ਪੀ. ਚੌਧਰੀ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਹਰ ਸੋਮਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸੂਬੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਸੰਜੇ ਪਾਸਵਾਨ ਵੱਲੋਂ ਲੁਧਿਆਣਾ ਵਿੱਚ ਪਾਰਟੀ ਦੇ ਸੂਬਾ ਦਫ਼ਤਰ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।
ਜਲਦ ਐਲਾਨਿਆ ਜਾਵੇਗਾ ਪਾਰਟੀ ਦਾ ਸੰਗਠਨਾਤਮਕ ਢਾਂਚਾ
ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਹੋਰ ਵਧਾਈਆਂ ਜਾਣਗੀਆਂ ਅਤੇ ਸੂਬੇ ਵਿੱਚ ਸੰਗਠਨਾਤਮਕ ਢਾਂਚੇ ਦਾ ਐਲਾਨ ਵੀ ਕੀਤਾ ਜਾਵੇਗਾ। ਮੀਟਿੰਗ ਵਿੱਚ ਸੰਜੀਵ ਥਾਪਰ, ਵਿਕਰਮ ਸਿੰਘ ਬਾਜਵਾ, ਸੁਨੀਲ ਕੁਮਾਰ ਜੈਨ, ਕਰਮਜੀਤ ਸਿੰਘ ਮੋਹਾਲੀ, ਪ੍ਰੋ. ਗੁਰਨਾਮ ਸਿੰਘ, ਗੁਰਜਿੰਦਰ ਸਿੰਘ ਮੋਹਾਲੀ, ਸੇਵਾਮੁਕਤ ਐੱਸ.ਐੱਸ.ਪੀ. ਸੁਨੀਲ ਕੁਮਾਰ ਸਮੇਤ ਕਈ ਆਗੂ ਤੇ ਵਰਕਰ ਮੌਜੂਦ ਸਨ।

