- ਚੰਡੀਗੜ੍ਹ :- ਪੰਜਾਬ ’ਚ ਮੰਗਲਵਾਰ ਨੂੰ ਮੌਸਮ ਦੇ ਮਿਜ਼ਾਜ ’ਚ ਬਦਲਾਅ ਦੇਖਣ ਨੂੰ ਮਿਲਿਆ। ਮੌਸਮ ਵਿਗਿਆਨ ਕੇਂਦਰ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਅਲੱਗ-ਥਲੱਗ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ ’ਚ ਵੀ ਮੀਂਹ ਦੀ ਸੰਭਾਵਨਾ
ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਵੀ ਪੈ ਸਕਦਾ ਹੈ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ।
ਸੂਬੇ ਦੇ ਤਾਪਮਾਨ ’ਚ ਵੀ ਗਿਰਾਵਟ
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ।
ਅਗਲੇ ਸੱਤ ਦਿਨ ਮੀਂਹ ਦਾ ਦੌਰ ਰਹਿਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ। 11 ਅਤੇ 13 ਅਗਸਤ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸੇ ਤਰ੍ਹਾਂ 12, 14, 15 ਅਤੇ 16 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੰਗਲਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

