ਫ਼ਤਿਹਗੜ੍ਹ ਸਾਹਿਬ :- ਰੋਜ਼ਾ ਸ਼ਰੀਫ਼ ਫ਼ਤਿਹਗੜ੍ਹ ਸਾਹਿਬ ਵਿਖੇ ਸਾਲਾਨਾ ਉਰਸ 11 ਤੋਂ 13 ਅਗਸਤ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਰਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਸੰਗਤ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ
ਉਰਸ ਦੌਰਾਨ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਦੀ ਤਾਇਨਾਤੀ, ਨਿਰਵਿਘਨ ਬਿਜਲੀ ਸਪਲਾਈ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।
24 ਘੰਟੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ
ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਨੇ ਦੱਸਿਆ ਕਿ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼ ਅਤੇ ਠਹਿਰਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਲਈ 24 ਘੰਟੇ ਲੰਗਰ ਦੀ ਸਹੂਲਤ ਵੀ ਉਪਲਬਧ ਰਹੇਗੀ।
ਪਾਕਿਸਤਾਨ ਤੋਂ ਨਹੀਂ ਪਹੁੰਚੇਗਾ ਜੱਥਾ
ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਰਸ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਹਾਲਾਂਕਿ ਇਸ ਵਾਰ ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਸ਼ਾਮਲ ਨਹੀਂ ਹੋ ਸਕੇਗਾ। ਇਸ ਦੇ ਬਾਵਜੂਦ ਸਥਾਨਕ ਸੰਗਤ ਤੋਂ ਇਲਾਵਾ ਹੋਰਨਾਂ ਰਾਜਾਂ ਤੋਂ ਵੀ ਸ਼ਰਧਾਲੂ ਪਹੁੰਚ ਰਹੇ ਹਨ ਅਤੇ ਪੂਰੀ ਸ਼ਰਧਾ ਨਾਲ ਸਾਲਾਨਾ ਉਰਸ ਵਿੱਚ ਹਿੱਸਾ ਲੈ ਰਹੇ ਹਨ।

