ਚੰਡੀਗੜ੍ਹ :- ਪੰਜਾਬ ਦੇ ਕੱਚੇ ਅਤੇ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਅਜਿਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਅਗਲੇ ਦੋ ਦਿਨਾਂ ਦੇ ਅੰਦਰ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਨਾਲ ਲੰਬੇ ਸਮੇਂ ਤੋਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੀਆਂ ਉਮੀਦਾਂ ਵਧ ਗਈਆਂ ਹਨ।
ਹਾਈ ਕੋਰਟ ‘ਚ ਸਰਕਾਰ ਨੇ ਦਿੱਤਾ ਭਰੋਸਾ
ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਭਰੋਸਾ ਦਿੱਤਾ ਗਿਆ ਕਿ ਅਗਲੇ ਦੋ ਦਿਨਾਂ ਦੇ ਅੰਦਰ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਜਾਣਗੇ।
ਵਿਭਾਗੀ ਕਾਰਵਾਈ ਅੰਤਿਮ ਪੜਾਅ ‘ਚ
ਸਰਕਾਰ ਵੱਲੋਂ ਰੈਗੂਲਰਾਈਜ਼ੇਸ਼ਨ ਨਾਲ ਸਬੰਧਤ ਕਾਰਵਾਈ ਨੂੰ ਵਿਭਾਗੀ ਪੱਧਰ ‘ਤੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹਾਲਾਂਕਿ ਕਿਹੜੇ ਵਿਭਾਗਾਂ ਦੇ ਕਿੰਨੇ ਮੁਲਾਜ਼ਮ ਇਸ ਪ੍ਰਕਿਰਿਆ ਦੇ ਦਾਇਰੇ ਵਿੱਚ ਆਉਣਗੇ ਅਤੇ ਰੈਗੂਲਰ ਕਰਨ ਲਈ ਕੀ ਸ਼ਰਤਾਂ ਹੋਣਗੀਆਂ, ਇਸ ਬਾਰੇ ਤਸਵੀਰ ਅਧਿਕਾਰਤ ਹੁਕਮ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਲੰਬੇ ਸਮੇਂ ਤੋਂ ਪੱਕਾ ਕਰਨ ਦੀ ਮੰਗ
ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਜੇਕਰ ਸਰਕਾਰ ਵੱਲੋਂ ਦੋ ਦਿਨਾਂ ਦੇ ਅੰਦਰ ਹੁਕਮ ਜਾਰੀ ਕਰ ਦਿੱਤੇ ਜਾਂਦੇ ਹਨ ਤਾਂ ਇਹ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਲਈ ਅਹਿਮ ਰਾਹਤ ਸਾਬਤ ਹੋ ਸਕਦੀ ਹੈ।

