ਨਵੀਂ ਦਿੱਲੀ :- ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਹਾਈ ਕੋਰਟ ਨੂੰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਹਾਈ ਕੋਰਟ ਨੂੰ ਮਿਲੀ ਧਮਕੀ ਭਰੀ ਈ-ਮੇਲ
ਈ-ਮੇਲ ਮਿਲਣ ਦੀ ਸੂਚਨਾ ਸਾਹਮਣੇ ਆਉਂਦੇ ਹੀ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੇ ਸੁਰੱਖਿਆ ਕਦਮ ਚੁੱਕੇ ਗਏ। ਹਾਲਾਂਕਿ ਧਮਕੀ ਭੇਜਣ ਵਾਲੇ ਦੀ ਪਛਾਣ ਅਤੇ ਇਸ ਦੇ ਪਿੱਛੇ ਮਕਸਦ ਬਾਰੇ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਦਿੱਲੀ ’ਚ ਥਾਂ-ਥਾਂ ਜਾਂਚ
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਹਿਲਾਂ ਹੀ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ। ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਤਾਇਨਾਤੀ ਵਧਾਉਣ ਦੇ ਨਾਲ-ਨਾਲ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਰਸਤਿਆਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਭੀੜ ਵਾਲੀਆਂ ਥਾਵਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਤੇ ਵੀ ਸੁਰੱਖਿਆ ਕਰਮਚਾਰੀਆਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ।
ਦਿੱਲੀ ਮੇਅਰ ਦਫ਼ਤਰ ਨੂੰ ਵੀ ਮਿਲ ਚੁੱਕੀ ਹੈ ਧਮਕੀ
ਇਸ ਤੋਂ ਪਹਿਲਾਂ ਦਿੱਲੀ ਦੇ ਮੇਅਰ ਦਫ਼ਤਰ ਨੂੰ ਵੀ ਬੰਬ ਦੀ ਧਮਕੀ ਮਿਲ ਚੁੱਕੀ ਹੈ। ਨਗਰ ਨਿਗਮ ਮੁਤਾਬਕ 3 ਅਗਸਤ ਨੂੰ ਸਵੇਰੇ ਕਰੀਬ 9:07 ਵਜੇ ਇਕ ਅਣਪਛਾਤੀ ਈ-ਮੇਲ ਪ੍ਰਾਪਤ ਹੋਈ ਸੀ, ਜਿਸ ਵਿੱਚ ਦੁਪਹਿਰ 2:11 ਵਜੇ ਬੰਬ ਧਮਾਕਾ ਹੋਣ ਦਾ ਦਾਅਵਾ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਦਿੱਤੀ ਗਈ ਸੀ।
ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ
ਰਾਜਧਾਨੀ ਵਿੱਚ ਲਗਾਤਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਲਾਲ ਕਿਲ੍ਹੇ ਸਮੇਤ ਮਹੱਤਵਪੂਰਨ ਸਰਕਾਰੀ ਇਮਾਰਤਾਂ, ਜਨਤਕ ਥਾਵਾਂ ਅਤੇ ਮੁੱਖ ਆਵਾਜਾਈ ਮਾਰਗਾਂ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਹਾਈ ਕੋਰਟ ਨੂੰ ਮਿਲੀ ਧਮਕੀ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

