ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਂਦੇੜ ਸਾਹਿਬ ਦੇ ਇਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਰਵਾਨਾ ਹੋਣ ਮਗਰੋਂ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਮਲੇ ਤੋਂ ਬਾਅਦ ਆਪਣਾ ਪਹਿਲਾ ਬਿਆਨ ਦਿੱਤਾ।
‘ਪੰਜਾਬ ਦਾ ਭਾਈਚਾਰਾ ਸਾਡੇ ਲਈ ਸਭ ਤੋਂ ਮਹੱਤਵਪੂਰਨ’
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਉਨ੍ਹਾਂ ਲਈ ਸਭ ਤੋਂ ਵੱਧ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
‘ਨਾ ਕਦੇ ਡਰਿਆ ਹਾਂ, ਨਾ ਡਰਾਂਗਾ’
ਹਮਲੇ ਸਬੰਧੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ, ‘‘ਮੈਂ ਕਦੇ ਨਹੀਂ ਡਰਿਆ ਅਤੇ ਨਾ ਹੀ ਡਰਾਂਗਾ। ਅਕਾਲੀ ਦਲ ਕਿਸੇ ਵੀ ਕੁਰਬਾਨੀ ਲਈ ਤਿਆਰ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਵਾਰ ਉਨ੍ਹਾਂ ’ਤੇ ਗੁਰਦੁਆਰਾ ਸਾਹਿਬ ਵਿੱਚ ਹੀ ਹਮਲਾ ਹੋਇਆ ਹੈ।
ਗੁਰਦੁਆਰਾ ਸਾਹਿਬ ਵਿਖੇ ਕਿਰਪਾਨ ਨਾਲ ਕੀਤਾ ਸੀ ਹਮਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਾਂਦੇੜ ਵਿੱਚ ਇਕ ਗੁਰਦੁਆਰਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ ਸੀ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਮਗਰੋਂ ਅੱਜ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਸੁਖਬੀਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪੁਲਿਸ ਅਧਿਕਾਰੀ ਵੀ ਜ਼ਖ਼ਮੀ
ਹਮਲੇ ਦੌਰਾਨ ਸੁਖਬੀਰ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਇਕ ਪੁਲਿਸ ਅਧਿਕਾਰੀ ਨੂੰ ਵੀ ਸੱਟ ਲੱਗੀ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਹਮਲੇ ਦੇ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

