ਚੰਡੀਗੜ੍ਹ :- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤਹਿਤ ਆਈ.ਟੀ. ਵਿੰਗ ਵਿੱਚ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਨੇ ਬਲਰਾਜ ਸਿੰਘ ਭੱਠਲ ਜਗਰਾਓ ਨੂੰ ਆਈ.ਟੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ।
ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ
ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਬਲਰਾਜ ਸਿੰਘ ਭੱਠਲ ਜਗਰਾਓ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ
ਨਿਯੁਕਤੀ ਤੋਂ ਬਾਅਦ ਬਲਰਾਜ ਸਿੰਘ ਭੱਠਲ ਜਗਰਾਓ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਿਹੜਾ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ।
ਪਾਰਟੀ ਆਗੂਆਂ ਦਾ ਕੀਤਾ ਧੰਨਵਾਦ
ਬਲਰਾਜ ਸਿੰਘ ਭੱਠਲ ਜਗਰਾਓ ਨੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਬਾਪੂ ਤਰਸੇਮ ਸਿੰਘ, ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਭਾਈ ਮਨਦੀਪ ਸਿੰਘ ਸਿੱਧੂ ਦਾ ਵੀ ਧੰਨਵਾਦ ਕੀਤਾ।

