ਚੰਡੀਗੜ੍ਹ :- ਨਜ਼ਰਬੰਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਰਾਜਪਾਲ ਭਵਨ ਵੱਲ ਮਾਰਚ ਕੀਤਾ ਗਿਆ। ਮੋਰਚੇ ਨਾਲ ਜੁੜੇ ਮੈਂਬਰ ਮੋਹਾਲੀ ਦੇ ਵਾਈ.ਪੀ.ਐੱਸ. ਚੌਕ ਨੇੜੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ। ਮਾਰਚ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਬੈਰੀਕੇਡ ਲਗਾ ਕੇ ਰੋਕਿਆ ਮਾਰਚ
ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਗਾਏ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋਣ ’ਤੇ ਪੁਲਿਸ ਵੱਲੋਂ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਮੁੱਖ ਮਾਰਗਾਂ ’ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਜਾਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।
ਡਰੋਨ ਰਾਹੀਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ ਪੁਲਿਸ ਵੱਲੋਂ ਡਰੋਨ ’ਤੇ ਲੱਗੇ ਸਪੀਕਰ ਰਾਹੀਂ ਪ੍ਰਦਰਸ਼ਨਕਾਰੀਆਂ ਅਤੇ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਪੁਲਿਸ ਨੇ ਕਿਹਾ ਕਿ ਪ੍ਰਸ਼ਾਸਨ ਮੋਰਚੇ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚਿਤਾਵਨੀ ਦਿੱਤੀ ਗਈ।
ਸਿਮਰਨਜੀਤ ਸਿੰਘ ਮਾਨ ਹਿਰਾਸਤ ’ਚ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦੱਸਿਆ ਗਿਆ ਕਿ ਉਹ ਰਾਜਪਾਲ ਭਵਨ ਦੇ ਨੇੜੇ ਪਹੁੰਚ ਗਏ ਸਨ। ਹਿਰਾਸਤ ਵਿੱਚ ਲਏ ਜਾਣ ਸਮੇਂ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ।
ਮੋਹਾਲੀ ’ਚ ਧਾਰਾ 163 ਤਹਿਤ ਨਿਗਰਾਨੀ
ਮੋਹਾਲੀ ਵਿੱਚ ਧਾਰਾ 163 ਲਾਗੂ ਹੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮਾਰਗਾਂ ’ਤੇ ਸੁਰੱਖਿਆ ਵਧਾਉਣ ਦੇ ਨਾਲ ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

