ਅੰਮ੍ਰਿਤਸਰ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮਪੁਰਾ ਵਿਖੇ ਕਰਵਾਏ ਗਏ ਧਾਰਮਿਕ ਸਤਿਸੰਗ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਨੂੰ ਗੁਰੂਆਂ ਦੀ ਪਵਿੱਤਰ ਧਰਤੀ ਦੱਸਿਆ ਅਤੇ ਇੱਥੇ ਆਉਣ ਨੂੰ ਆਪਣੇ ਲਈ ਸੁਭਾਗਾ ਕਰਾਰ ਦਿੱਤਾ।
ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਣਾ ਫਰਜ਼ : ਸੈਣੀ
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨਾਲ ਉਨ੍ਹਾਂ ਦੀ ਵਿਸ਼ੇਸ਼ ਸ਼ਰਧਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ ਅਤੇ ਉਹ ਅਜਿਹੇ ਸਮਾਗਮਾਂ ਵਿੱਚ ਸ਼ਮੂਲੀਅਤ ਨੂੰ ਆਪਣਾ ਫਰਜ਼ ਸਮਝਦੇ ਹਨ।
ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਲੋਕ ਭਲਾਈ ਯੋਜਨਾਵਾਂ ਲਾਗੂ ਕਰਨ ਦਾ ਦਾਅਵਾ
ਆਉਣ ਵਾਲੀਆਂ ਚੋਣਾਂ ਸਬੰਧੀ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਸੂਬੇ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ।
ਉਦਯੋਗ ਵਾਪਸ ਲਿਆਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ
ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਮੁੜ ਲਿਆਉਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਅਨੁਸਾਰ ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣਗੇ। ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਯਤਨ ਕਰਨ ਦੀ ਗੱਲ ਕਹੀ।
ਕਾਂਗਰਸ ’ਤੇ ਸੰਵਿਧਾਨਕ ਸੰਸਥਾਵਾਂ ਦੇ ਅਪਮਾਨ ਦਾ ਦੋਸ਼
ਸੋਨੀਆ ਗਾਂਧੀ ਅਤੇ ਕਾਂਗਰਸ ਸਬੰਧੀ ਪੁੱਛੇ ਸਵਾਲ ’ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨਕ ਸੰਸਥਾਵਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਭਾਜਪਾ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੇਣ ਲਈ ਵਚਨਬੱਧ ਹੈ।
ਪਗੜੀ ਨੂੰ ਰਾਜਨੀਤੀ ਨਾਲ ਨਾ ਜੋੜਨ ਦੀ ਅਪੀਲ
ਪਗੜੀ ਬਾਰੇ ਗੱਲ ਕਰਦਿਆਂ ਸੈਣੀ ਨੇ ਇਸ ਨੂੰ ਗੁਰੂਆਂ ਦੀ ਬਖ਼ਸ਼ਿਸ਼ ਅਤੇ ਸਤਿਕਾਰ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਪਗੜੀ ਨੂੰ ਰਾਜਨੀਤੀ ਨਾਲ ਜੋੜਨ ਦੀ ਬਜਾਏ ਸਿੱਖ ਪਰੰਪਰਾ ਅਤੇ ਸੱਭਿਆਚਾਰ ਦੇ ਸਨਮਾਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

