ਚੰਡੀਗੜ੍ਹ :- ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਸੰਗਠਨਾਂ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਅਤੇ ਮਾਰਚ ਦੇ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ 4 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਵੱਲੋਂ ਹੁਣ ਤੱਕ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਜ ਮਾਮਲਿਆਂ ਵਿੱਚ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦਾ ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ ’ਤੇ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਤਲਵਾਰਾਂ, ਕੁਹਾੜੀਆਂ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਸੈਕਟਰ 36 ਥਾਣੇ ’ਚ ਦਰਜ ਹੋਇਆ ਮੁੱਖ ਮਾਮਲਾ
ਪੁਲਿਸ ਵੱਲੋਂ ਮੁੱਖ ਐਫਆਈਆਰ ਸੈਕਟਰ 36 ਥਾਣੇ ਵਿੱਚ ਅਸਲਾ ਐਕਟ, ਭਾਰਤੀ ਨਿਆਏ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣ ਵਾਲੇ ਕਾਨੂੰਨ ਤਹਿਤ ਦਰਜ ਕੀਤੀ ਗਈ ਹੈ। ਐਫਆਈਆਰ ਮੁਤਾਬਕ ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਸੰਗਠਨਾਂ ਨਾਲ ਜੁੜੇ ਲੋਕ ਸੈਕਟਰ 51/52 ਨੂੰ ਵੰਡਣ ਵਾਲੀ ਸੜਕ ’ਤੇ ਇਕੱਠੇ ਹੋਏ ਅਤੇ ਆਵਾਜਾਈ ਰੋਕ ਦਿੱਤੀ। ਪੁਲਿਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।
ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀ ਪੋਸਟਰਾਂ ਤੋਂ ਇਲਾਵਾ ਤਲਵਾਰਾਂ, ਕੁਹਾੜੀਆਂ, ਬਰਛਿਆਂ ਅਤੇ ਹੋਰ ਹਥਿਆਰਾਂ ਨਾਲ ਪਹੁੰਚੇ ਸਨ। ਉਹ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ। ਇਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਕਾਰਕੁਨ ਭਾਨਾ ਸਿੱਧੂ, ਲੱਖਾ ਸਿਧਾਣਾ, ਗੁਰਦੀਪ ਬਠਿੰਡਾ ਅਤੇ ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ ਸਮੇਤ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਸੈਕਟਰ 3 ਥਾਣੇ ’ਚ ਦੋ ਮਾਮਲੇ ਦਰਜ
ਇੱਕ ਹੋਰ ਮਾਮਲਾ ਸੈਕਟਰ 3 ਥਾਣੇ ਵਿੱਚ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਅਤੇ 7 ਹੋਰ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ। ਪੁਲਿਸ ਮੁਤਾਬਕ ਇਨ੍ਹਾਂ ਨੂੰ ਸੈਕਟਰ 6 ਵਿੱਚ ਰਾਜਪਾਲ ਦੀ ਰਿਹਾਇਸ਼ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸੇ ਥਾਣੇ ਵਿੱਚ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ 4 ਵਿਅਕਤੀਆਂ ਵਿਰੁੱਧ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸਿਮਰਨਜੀਤ ਸਿੰਘ ਮਾਨ, ਦੀਪਿੰਦਰ ਪ੍ਰਤਾਪ ਸਿੰਘ, ਗੋਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦਾ ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਵਿੱਚ ਵਿਘਨ ਪਾਇਆ ਗਿਆ।
ਸੈਕਟਰ 26 ਥਾਣੇ ’ਚ 9 ਵਿਅਕਤੀਆਂ ਖ਼ਿਲਾਫ਼ ਮਾਮਲਾ
ਚੌਥੀ ਐਫਆਈਆਰ ਸੈਕਟਰ 26 ਥਾਣੇ ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਮੋਰਚੇ ਨਾਲ ਜੁੜੇ 9 ਵਿਅਕਤੀਆਂ ਨੂੰ ਸੈਕਟਰ 7/8 ਨੂੰ ਵੰਡਣ ਵਾਲੀ ਸੜਕ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ 4 ਤਲਵਾਰਾਂ ਬਰਾਮਦ ਹੋਣ ਦੀ ਗੱਲ ਪੁਲਿਸ ਨੇ ਕਹੀ ਹੈ। ਮਾਮਲੇ ਵਿੱਚ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਨਾਲ ਸਰਕਾਰੀ ਸੇਵਕ ਵੱਲੋਂ ਜਾਰੀ ਹੁਕਮ ਦੀ ਉਲੰਘਣਾ ਨਾਲ ਸਬੰਧਤ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
21 ਵਿਅਕਤੀ ਗ੍ਰਿਫ਼ਤਾਰ
ਪੁਲਿਸ ਵੱਲੋਂ ਦਰਜ ਕੀਤੀਆਂ ਚਾਰਾਂ ਐਫਆਈਆਰਾਂ ਦੇ ਸਬੰਧ ਵਿੱਚ ਹੁਣ ਤੱਕ ਕੁੱਲ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜਨ, ਹੁਕਮਾਂ ਦੀ ਉਲੰਘਣਾ ਕਰਨ ਅਤੇ ਹਥਿਆਰਾਂ ਦੀ ਬਰਾਮਦਗੀ ਸਮੇਤ ਵੱਖ-ਵੱਖ ਮਾਮਲਿਆਂ ਦੀ ਕਾਰਵਾਈ ਕੀਤੀ ਜਾ ਰਹੀ ਹੈ।

