ਨਵੀਂ ਦਿੱਲੀ :- ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਕੌਮੀ ਰਾਜਧਾਨੀ ਦਿੱਲੀ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 3 ਵਜੇ ਹੋਵੇਗੀ, ਜਿਸ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਨਾਲ ਪੰਜਾਬ ਨਾਲ ਸਬੰਧਤ ਕਈ ਪ੍ਰਮੁੱਖ ਨੇਤਾ ਵੀ ਸ਼ਾਮਲ ਹੋਣਗੇ।
ਰਾਜਾ ਵੜਿੰਗ, ਚੰਨੀ ਤੇ ਰੰਧਾਵਾ ਸਮੇਤ ਕਈ ਆਗੂ ਪਹੁੰਚਣਗੇ
ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਅਹਿਮ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ’ਤੇ ਰਹੇਗੀ ਨਜ਼ਰ
ਕਾਂਗਰਸ ਦੀ ਇਸ ਬੈਠਕ ਦੌਰਾਨ ਪੰਜਾਬ ਦੀ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।
ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਖ਼ਤਮ ਕਰਨ ’ਤੇ ਹੋ ਸਕਦਾ ਹੈ ਫ਼ੈਸਲਾ
ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਲੈ ਕੇ ਵੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੰਭਾਵਨਾ ਹੈ ਕਿ ਕਾਂਗਰਸ ਦੀ ਸਿਖ਼ਰਲੀ ਕਮੇਟੀ ਪੰਜਾਬ ਇਕਾਈ ਵਿੱਚ ਚੱਲ ਰਹੇ ਮਤਭੇਦਾਂ ਨੂੰ ਖ਼ਤਮ ਕਰਨ ਲਈ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ।
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼
ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਅਗਸਤ ਮਹੀਨੇ ਦੇ ਅਖ਼ੀਰ ਵਿੱਚ ਪੰਜਾਬ ਆਉਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪੰਜਾਬ ਦੌਰੇ ਤੋਂ ਪਹਿਲਾਂ ਸੂਬਾ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸੇ ਕਾਰਨ ਅੱਜ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਪੰਜਾਬ ਕਾਂਗਰਸ ਲਈ ਅਹਿਮ ਮੰਨੀ ਜਾ ਰਹੀ ਹੈ।

