ਚੰਡੀਗੜ੍ਹ :- ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਮੁੜ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਜੀਠੀਆ ਦੇ ਬਿਆਨ ਤੋਂ ਸੰਕੇਤ ਮਿਲੇ ਹਨ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਮੁੜ ਸਿਆਸੀ ਤੌਰ ’ਤੇ ਇਕੱਠੀਆਂ ਹੋ ਸਕਦੀਆਂ ਹਨ। ਹਾਲਾਂਕਿ, ਗੱਠਜੋੜ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।
‘ਪੰਜਾਬ ਦੇ ਲੋਕ ਚਾਹੁੰਦੇ ਨੇ ਅਕਾਲੀ ਦਲ ਤੇ ਭਾਜਪਾ ਮੁੜ ਇਕੱਠੇ ਹੋਣ’
ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਲੋਕਾਂ ਦੀ ਇੱਛਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਮੁੜ ਇੱਕ ਮੰਚ ’ਤੇ ਆਉਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਥਿਤੀ ਹੋਰ ਸਪੱਸ਼ਟ ਹੋਵੇਗੀ ਅਤੇ ਦੋਵਾਂ ਪਾਰਟੀਆਂ ਦੀ ਸਿਖਰਲੀ ਲੀਡਰਸ਼ਿਪ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੋਈ ਅੰਤਿਮ ਫੈਸਲਾ ਲਵੇਗੀ।
ਖੇਤੀ ਕਾਨੂੰਨਾਂ ਤੋਂ ਬਾਅਦ ਟੁੱਟਿਆ ਸੀ ਦਹਾਕਿਆਂ ਪੁਰਾਣਾ ਸਾਥ
ਅਕਾਲੀ ਆਗੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਰਾਹ ਵੱਖ ਹੋ ਗਏ ਸਨ। ਉਨ੍ਹਾਂ ਮੁਤਾਬਕ ਉਸ ਸਮੇਂ ਪੰਜਾਬ ਦੇ ਸਿਆਸੀ ਹਾਲਾਤ ਵੱਖਰੇ ਸਨ, ਪਰ ਹੁਣ ਸੂਬੇ ਦੀ ਸਥਿਤੀ ਵਿੱਚ ਕਾਫ਼ੀ ਬਦਲਾਅ ਆ ਚੁੱਕਾ ਹੈ।
ਮਜੀਠੀਆ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਸਮੇਤ ਹੋਰ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੋਕ ਦੋਵਾਂ ਪਾਰਟੀਆਂ ਨੂੰ ਮੁੜ ਇਕੱਠੇ ਦੇਖਣਾ ਚਾਹੁੰਦੇ ਹਨ।
ਹਰਸਿਮਰਤ ਬਾਦਲ ਦੇ ਸੰਕੇਤ ਤੋਂ ਬਾਅਦ ਮਜੀਠੀਆ ਦਾ ਬਿਆਨ
ਮਜੀਠੀਆ ਦਾ ਇਹ ਬਿਆਨ ਉਨ੍ਹਾਂ ਦੀ ਭੈਣ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੇ ਐੱਨ.ਡੀ.ਏ. ਨਾਲ ਮੁੜ ਜੁੜਨ ਦੀ ਸੰਭਾਵਨਾ ਬਾਰੇ ਦਿੱਤੇ ਸੰਕੇਤ ਤੋਂ ਇੱਕ ਦਿਨ ਬਾਅਦ ਆਇਆ ਹੈ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ਦੀਆਂ ਚਰਚਾਵਾਂ ਨੇ ਹੋਰ ਜ਼ੋਰ ਫੜ ਲਿਆ ਹੈ।
ਵਾਜਪਾਈ-ਬਾਦਲ ਗੱਠਜੋੜ ਦਾ ਦਿੱਤਾ ਹਵਾਲਾ
ਮਜੀਠੀਆ ਨੇ ਪੁਰਾਣੇ ਅਕਾਲੀ-ਭਾਜਪਾ ਗੱਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਬਣਿਆ ਇਹ ਸਿਆਸੀ ਸਾਥ ਭਾਈਚਾਰੇ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਦੇ ਸਿਧਾਂਤਾਂ ’ਤੇ ਆਧਾਰਿਤ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਂਝ ਪੰਜਾਬ ਦੇ ਨਾਲ-ਨਾਲ ਕੇਂਦਰ ਦੀ ਸਿਆਸਤ ਵਿੱਚ ਵੀ ਸਫ਼ਲ ਰਹੀ ਸੀ।
2027 ਦੀਆਂ ਚੋਣਾਂ ਤੋਂ ਪਹਿਲਾਂ ਬਣ ਸਕਦੈ ਨਵਾਂ ਸਿਆਸੀ ਸਮੀਕਰਨ
ਮਜੀਠੀਆ ਦੇ ਬਿਆਨ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਗੱਠਜੋੜ ਬਾਰੇ ਅਜੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ। ਹੁਣ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਇਸ ਸੰਭਾਵਿਤ ਸਿਆਸੀ ਸਾਂਝ ਨੂੰ ਲੈ ਕੇ ਕੀ ਫੈਸਲਾ ਕਰਦੀ ਹੈ।

