ਕੈਨੇਡਾ :- ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਵਿਚ ਸਥਿਤ ਇੱਕ ਗੁਰਦੁਆਰਾ ਸਾਹਿਬ ਅੰਦਰ ਸਵੇਰ ਵੇਲੇ ਚਾਕੂ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਕੁਝ ਸਮੇਂ ਲਈ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ।
ਵਿਆਹ ਤੋਂ ਪਹਿਲਾਂ ਦੀ ਪ੍ਰਾਰਥਨਾ ਦੌਰਾਨ ਵਾਪਰੀ ਘਟਨਾ
ਇਹ ਘਟਨਾ ਐਡਮਿੰਟਨ ਦੇ ਉੱਤਰ-ਪੂਰਬੀ ਹਿੱਸੇ ਵਿਚ 14ਵੀਂ ਸਟਰੀਟ ਅਤੇ ਹਾਰਸਹਿੱਲ ਰੋਡ ਨੇੜੇ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਰ ਵਿਚ ਵਾਪਰੀ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 5 ਵਜੇ ਤੋਂ ਕੁਝ ਸਮੇਂ ਬਾਅਦ ਇੱਕ ਵਿਅਕਤੀ ਨੇ ਵਿਆਹ ਸਮਾਗਮ ਤੋਂ ਪਹਿਲਾਂ ਚੱਲ ਰਹੀ ਸਵੇਰ ਦੀ ਪ੍ਰਾਰਥਨਾ ਵਿਚ ਵਿਘਨ ਪਾਇਆ। ਇਸੇ ਦੌਰਾਨ ਮਾਮਲਾ ਹਿੰਸਕ ਹੋ ਗਿਆ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।
ਦੋ ਵਿਅਕਤੀਆਂ ਨੂੰ ਲੱਗੀਆਂ ਸੱਟਾਂ
ਹਮਲੇ ਦੌਰਾਨ 51 ਅਤੇ 75 ਸਾਲ ਦੇ ਦੋ ਵਿਅਕਤੀ ਜ਼ਖ਼ਮੀ ਹੋਏ। ਦੋਵਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਸ ਮੁਤਾਬਕ ਉਨ੍ਹਾਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੁਲਸ ਨੇ ਮੌਕੇ ਤੇ ਪਹੁੰਚ ਕੇ ਇਕ ਵਿਅਕਤੀ ਨੂੰ ਫੜਿਆ
ਐਡਮਿੰਟਨ ਪੁਲਸ ਸਰਵਿਸ ਨੂੰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਤੁਰੰਤ ਗੁਰਦੁਆਰਾ ਸਾਹਿਬ ਪਹੁੰਚੇ। ਪੁਲਸ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

