ਜਲੰਧਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ 1,746 ਨਵੇਂ ਭਰਤੀ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਸਮਾਗਮ ਪੰਜਾਬ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਰਸਮੀ ਤੌਰ ‘ਤੇ ਨਿਯੁਕਤੀ ਪੱਤਰ ਪ੍ਰਦਾਨ ਕਰਨਗੇ।
ਪੰਜਾਬ ਪੁਲਿਸ ‘ਚ 13,092 ਨੌਜਵਾਨਾਂ ਦੀ ਭਰਤੀ ਦਾ ਦਾਅਵਾ
ਪੰਜਾਬ ਸਰਕਾਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 13,092 ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਿੱਤੀ ਜਾ ਚੁੱਕੀ ਹੈ। ਸਰਕਾਰ ਦਾ ਦਾਅਵਾ ਹੈ ਕਿ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਗਈ ਹੈ।
ਇਸ ਤੋਂ ਇਲਾਵਾ ਪੁਲਿਸ ਵਿਭਾਗ ਦੀਆਂ ਹੋਰ 3,298 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਪੰਜਾਬ ਪੁਲਿਸ ਦੇ ਜ਼ਿਲ੍ਹਾ ਕੇਡਰ ਵਿੱਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਸਹਾਇਕ ਸਬ-ਇੰਸਪੈਕਟਰ ਦੀਆਂ 1,600 ਨਵੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ
ਸਰਕਾਰ ਮੁਤਾਬਕ ਸੂਬੇ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਇਸ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਆਪਣੀ ਮੁਹਿੰਮ ਦਾ ਹਿੱਸਾ ਦੱਸ ਰਹੀ ਹੈ।
ਕਾਹਲਵਾਂ ਪਿੰਡ ‘ਚ ਹੋਵੇਗੀ ‘ਲੋਕ ਮਿਲਣੀ’
ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜਲੰਧਰ ਦੌਰੇ ਦੌਰਾਨ ਕਰਤਾਰਪੁਰ ਸਬ-ਡਵੀਜ਼ਨ ਅਧੀਨ ਆਉਂਦੇ ਕਾਹਲਵਾਂ ਪਿੰਡ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਣਗੇ। ਇਸ ਦੌਰਾਨ ਉਹ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਬਾਰੇ ਜਾਣਕਾਰੀ ਲੈਣਗੇ।
ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ
ਮੁੱਖ ਮੰਤਰੀ ਦੇ ਜਲੰਧਰ ਦੌਰੇ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਰਾਜ ਪੱਧਰੀ ਸਮਾਗਮ ਅਤੇ ‘ਲੋਕ ਮਿਲਣੀ’ ਵਾਲੇ ਸਥਾਨਾਂ ‘ਤੇ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।

