ਚੰਡੀਗੜ੍ਹ :- ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੂੜਾ-ਕਰਕਟ ਦੇ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਕਰਨ ਲਈ ਸੂਬਾ ਸਰਕਾਰ ਵੱਲੋਂ ਅੱਜ 29 ਅਗਸਤ ਤੋਂ ‘ਮਿਸ਼ਨ ਕਲੀਨ ਪੰਜਾਬ 2.0’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। 7 ਸਤੰਬਰ ਤੱਕ ਚੱਲਣ ਵਾਲੀ ਇਸ 10 ਰੋਜ਼ਾ ਮੁਹਿੰਮ ਦੌਰਾਨ ਸੜਕਾਂ, ਗਲੀਆਂ ਅਤੇ ਹੋਰ ਜਨਤਕ ਥਾਵਾਂ ’ਤੇ ਬਣੇ ਕੂੜੇ ਦੇ ਅਣਅਧਿਕਾਰਤ ਟਿਕਾਣਿਆਂ ਨੂੰ ਹਟਾਉਣ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ।
ਸਫ਼ਾਈ ਪ੍ਰਬੰਧਾਂ ਦੀ ਹੋਵੇਗੀ ਜ਼ਮੀਨੀ ਪੱਧਰ ’ਤੇ ਨਿਗਰਾਨੀ
ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਨੂੰ ਹੋਰ ਗਤੀ ਦੇਣ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਰ ਸ਼ਹਿਰ ਤੇ ਕਸਬੇ ’ਚ ਕੂੜੇ ਵਾਲੇ ਟਿਕਾਣਿਆਂ ਦੀ ਸਫ਼ਾਈ ’ਤੇ ਜ਼ੋਰ
ਮੰਤਰੀ ਨੇ ਕਿਹਾ ਕਿ ਅਗਲੇ 10 ਦਿਨਾਂ ਦੌਰਾਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜਾ ਇਕੱਠਾ ਹੋਣ ਵਾਲੇ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਫ਼ਾਈ ਕਰਵਾਈ ਜਾਵੇਗੀ। ਇਸ ਕੰਮ ਵਿੱਚ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਕਾਰਜਸਾਧਕ ਅਧਿਕਾਰੀ ਅਤੇ ਗੈਰ-ਸਰਕਾਰੀ ਸੰਗਠਨ ਵੀ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਵੱਡੇ ਸ਼ਹਿਰਾਂ ਵਿੱਚ ਕੂੜਾ ਇਕੱਠਾ ਹੋਣ ਵਾਲੇ ਕਈ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਲਗਭਗ 600 ਅਤੇ ਪਟਿਆਲਾ ਵਿੱਚ ਕਰੀਬ 450 ਅਜਿਹੇ ਸਥਾਨ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਮੁਹਿੰਮ ਦੌਰਾਨ ਸਾਫ਼ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਹਰ ਰੋਜ਼ ਮੌਕੇ ’ਤੇ ਪਹੁੰਚ ਕੇ ਹੋਵੇਗੀ ਜਾਂਚ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਨੂੰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਮੌਕੇ ’ਤੇ ਜਾ ਕੇ ਸਫ਼ਾਈ ਕਾਰਜਾਂ ਦੀ ਪ੍ਰਗਤੀ ਦੇਖੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਫ਼ੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਕੂੜੇ ਦੇ ਟਿਕਾਣਿਆਂ ਨੂੰ ਖ਼ਤਮ ਕਰਨ ਦੀ ਕਾਰਵਾਈ ਦੀ ਨਿਗਰਾਨੀ ਕਰਨਗੇ।
ਐੱਮ-ਸੇਵਾ ਐਪ ਰਾਹੀਂ ਲੋਕ ਵੀ ਕਰ ਸਕਣਗੇ ਸ਼ਿਕਾਇਤ
ਮੁਹਿੰਮ ਨੂੰ ਲੋਕਾਂ ਦੀ ਸਿੱਧੀ ਭਾਗੀਦਾਰੀ ਨਾਲ ਜੋੜਨ ਲਈ ਪੰਜਾਬ ਸਰਕਾਰ ਦੀ ‘ਐੱਮ-ਸੇਵਾ’ ਐਪ ਦੀ ਵਰਤੋਂ ਕੀਤੀ ਜਾ ਸਕੇਗੀ। ਨਾਗਰਿਕ ਆਪਣੇ ਇਲਾਕੇ ਵਿੱਚ ਕੂੜਾ ਇਕੱਠਾ ਹੋਣ ਵਾਲੇ ਸਥਾਨ ਦੀ ਤਸਵੀਰ ਐਪ ’ਤੇ ਅਪਲੋਡ ਕਰ ਸਕਣਗੇ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਉਸ ਲਈ ਇਕ ਵਿਲੱਖਣ ਪਛਾਣ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਹਰੇਕ ਨਗਰ ਨਿਗਮ ਤੇ ਨਗਰ ਕੌਂਸਲ ’ਚ ਬਣਨਗੀਆਂ ਵਿਸ਼ੇਸ਼ ਟੀਮਾਂ
ਮੰਤਰੀ ਨੇ ਦੱਸਿਆ ਕਿ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਪੱਧਰ ’ਤੇ ਵਿਸ਼ੇਸ਼ ਟੀਮਾਂ ਬਣਾਈਆਂ ਜਾਣਗੀਆਂ। ਇਹ ਟੀਮਾਂ ਪਛਾਣੇ ਗਏ ਕੂੜੇ ਵਾਲੇ ਸਥਾਨਾਂ ਦੀ ਸਫ਼ਾਈ, ਉੱਥੋਂ ਕੂੜਾ ਚੁਕਵਾਉਣ ਅਤੇ ਅਗਲੇ ਪੱਧਰ ’ਤੇ ਨਿਗਰਾਨੀ ਦਾ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪੂਰੀ ਕਾਰਵਾਈ ਦੀ ਨਿਰੰਤਰ ਨਿਗਰਾਨੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਿਰਧਾਰਤ ਸਮੇਂ ਅੰਦਰ ਨਤੀਜੇ ਸਾਹਮਣੇ ਆ ਸਕਣ।
ਬੈਂਸ ਵੱਲੋਂ ਲੋਕਾਂ ਨੂੰ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸੰਤਾਂ ਦੀ ਧਰਤੀ ਹੈ, ਇਸ ਲਈ ਸੂਬੇ ਨੂੰ ਸਾਫ਼ ਅਤੇ ਸੁੰਦਰ ਰੱਖਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ 2.0’ ਨੂੰ ਸਿਰਫ਼ ਸਰਕਾਰੀ ਮੁਹਿੰਮ ਬਣਾਉਣ ਦੀ ਬਜਾਏ ਲੋਕਾਂ ਦੀ ਸਾਂਝੀ ਮੁਹਿੰਮ ਬਣਾਉਣਾ ਜ਼ਰੂਰੀ ਹੈ। ਬੈਂਸ ਨੇ ਸਫ਼ਾਈ ਕਰਮਚਾਰੀਆਂ ਦੇ ਯੋਗਦਾਨ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਗੈਰ-ਜ਼ਿੰਮੇਵਾਰ ਰਵੱਈਏ ਕਾਰਨ ਸਫ਼ਾਈ ਸੇਵਕਾਂ ਦੀ ਮਿਹਨਤ ਬੇਕਾਰ ਨਹੀਂ ਜਾਣੀ ਚਾਹੀਦੀ। ਉਨ੍ਹਾਂ ਲੋਕਾਂ ਨੂੰ ‘ਐੱਮ-ਸੇਵਾ’ ਐਪ ਦੀ ਵਰਤੋਂ ਕਰਨ, ਕੂੜੇ ਵਾਲੇ ਸਥਾਨਾਂ ਦੀ ਜਾਣਕਾਰੀ ਦੇਣ ਅਤੇ ਆਪਣੇ ਇਲਾਕਿਆਂ ਦੀ ਸਫ਼ਾਈ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

