ਤਰਨਤਾਰਨ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੇ ਇਕ ਮਾਮਲੇ ਵਿਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਤਰਨ ਤਾਰਨ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਪੁਲੀਸ ਨੂੰ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਮਾਮਲਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਵਿਅਕਤੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਦਿੱਤੇ ਬਿਆਨ ਦਾ ਮਾਮਲਾ
ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨਾਲ ਸਬੰਧਿਤ ਹੈ। ਇਸ ਮਾਮਲੇ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਮਾਮਲਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਿਚਾਰ ਅਧੀਨ ਆਇਆ।
ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸੁਣਵਾਈ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਪੰਜਾਬ ਪੁਲੀਸ ਵੱਲੋਂ ਡੀ.ਐੱਸ.ਪੀ. ਹਰਪ੍ਰੀਤ ਸਿੰਘ ਅਤੇ ਡੀ.ਐੱਸ.ਪੀ. (ਈ.ਓ. ਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਹਾਜ਼ਰ ਹੋਏ। ਮਾਮਲੇ ਨਾਲ ਸਬੰਧਿਤ ਪੁਲੀਸ ਕਾਰਵਾਈ ਬਾਰੇ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਗਈ।
ਪੁਲਸ ਨੂੰ ਪੰਜ ਦਿਨਾਂ ਦੀ ਮਿਆਦ
ਸੁਣਵਾਈ ਤੋਂ ਬਾਅਦ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਨੂੰ ਪੰਜ ਦਿਨਾਂ ਦੇ ਅੰਦਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪ੍ਰਧਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ ਮਾਮਲੇ ਵਿੱਚ ਅਗਲੀ ਪੁਲੀਸ ਕਾਰਵਾਈ ’ਤੇ ਸਭ ਦੀ ਨਜ਼ਰ ਰਹੇਗੀ।

