ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ-2027 ਦਾ ਸਮਾਂ ਨੇੜੇ ਆਉਣ ਦੇ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਾਂਗਰਸ ਨੇ ਵੀ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਅਤੇ ਸਿਆਸੀ ਤਿਆਰੀਆਂ ਨੂੰ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਅਗਲੇ 10 ਦਿਨਾਂ ਦੇ ਅੰਦਰ ਪੰਜਾਬ ਦਾ ਦੌਰਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਦੌਰੇ ਦਾ ਸ਼ੈਡਿਊਲ ਅੰਤਿਮ ਪੜਾਅ ’ਚ
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸ਼ੈਡਿਊਲ ਲਗਭਗ ਤਿਆਰ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਵੱਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ।
ਕੌਮੀ ਮੀਡੀਆ ਟੀਮ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੀ ਟੀਮ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਪਾਰਟੀ ਦੀ ਮੀਡੀਆ ਰਣਨੀਤੀ ਅਤੇ ਚੋਣੀ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਲਈ ਕੌਮੀ ਪੱਧਰ ਦੀ ਟੀਮ ਨੂੰ ਦਿੱਤੀ ਜ਼ਿੰਮੇਵਾਰੀ
ਮੀਟਿੰਗ ਉਪਰੰਤ ਏ.ਆਈ.ਸੀ.ਸੀ. ਦੇ ਕੌਮੀ ਮੀਡੀਆ ਕੋਆਰਡੀਨੇਟਰ ਹਰਿਸ਼ੰਕਰ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਕੌਮੀ ਪੱਧਰ ਦੀ ਟੀਮ ਨੂੰ ਵੀ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਪਾਰਟੀ ਦੀ ਮੀਡੀਆ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।
ਰਾਹੁਲ ਗਾਂਧੀ ਦੇ ਦੌਰੇ ਰਾਹੀਂ ਜ਼ਮੀਨੀ ਪੱਧਰ ’ਤੇ ਮੁਹਿੰਮ ਮਜ਼ਬੂਤ ਕਰਨ ਦੀ ਤਿਆਰੀ
ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਵੀ ਚੋਣੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਦਾ ਉਦੇਸ਼ ਉਨ੍ਹਾਂ ਦੇ ਦੌਰੇ ਰਾਹੀਂ ਚੋਣੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ।

