ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਾਜ਼ਾਰ ਬੰਦ ਰੱਖਣ ਦੀ ਅਪੀ
ਲੁਧਿਆਣਾ :- ਜਲੰਧਰ ਬਾਈਪਾਸ ਚੌਂਕ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਬੀਤੀ ਸ਼ਾਮ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿਚ ਦਲਿਤ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਸ਼ਹਿਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਕਾਰੋਬਾਰ ਬੰਦ ਰੱਖ ਕੇ ਰੋਸ ਪ੍ਰਗਟ ਕਰਨ ਦੀ ਅਪੀਲ ਕੀਤੀ ਗਈ ਹੈ।
ਪਹਿਲੀ ਘਟਨਾ ‘ਤੇ ਕਾਰਵਾਈ ਨਾ ਹੋਣ ਦੇ ਲਾਏ ਦੋਸ਼
ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਦੋਸ਼ ਲਾਇਆ ਕਿ ਜਲੰਧਰ ਬਾਈਪਾਸ ਚੌਂਕ ਵਿਖੇ ਇਸ ਤੋਂ ਪਹਿਲਾਂ ਵੀ ਡਾ. ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦੀ ਘਟਨਾ ਵਾਪਰ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਸਮੇਂ ਪ੍ਰਸ਼ਾਸਨ ਵੱਲੋਂ ਕਾਰਵਾਈ ਅਤੇ ਸੁਰੱਖਿਆ ਦੇ ਭਰੋਸੇ ਦਿੱਤੇ ਗਏ ਸਨ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸੇ ਕਾਰਨ ਮੁੜ ਅਜਿਹੀ ਘਟਨਾ ਵਾਪਰਨ ਕਾਰਨ ਸਮਾਜ ਵਿਚ ਰੋਸ ਹੋਰ ਵਧ ਗਿਆ ਹੈ।
ਰਾਹਗੀਰ ਨੇ ਦਿੱਤੀ ਘਟਨਾ ਦੀ ਜਾਣਕਾਰੀ
ਬੀਤੇ ਦਿਨ ਜਲੰਧਰ ਬਾਈਪਾਸ ਚੌਂਕ ਵਿਖੇ ਸਥਾਪਤ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮੌਕੇ ਤੋਂ ਲੰਘ ਰਹੇ ਇਕ ਵਿਅਕਤੀ ਦੀ ਨਜ਼ਰ ਜਦੋਂ ਘਟਨਾ ‘ਤੇ ਪਈ ਤਾਂ ਉਸ ਨੇ ਤੁਰੰਤ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਵੱਡੀ ਗਿਣਤੀ ਵਿਚ ਲੋਕ ਮੌਕੇ ‘ਤੇ ਇਕੱਠੇ ਹੋ ਗਏ।
ਪੁਲੀਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਟੀਮ ਮੌਕੇ ‘ਤੇ ਪਹੁੰਚੀ। ਪੁਲੀਸ ਵੱਲੋਂ ਘਟਨਾ ਨਾਲ ਸਬੰਧਿਤ ਵਿਅਕਤੀ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਧਰਨੇ ‘ਤੇ ਬੈਠੀਆਂ ਜਥੇਬੰਦੀਆਂ
ਘਟਨਾ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਜਲੰਧਰ ਬਾਈਪਾਸ ਚੌਂਕ ਵਿਖੇ ਧਰਨਾ ਲਾ ਕੇ ਰੋਸ ਪ੍ਰਗਟ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਦੀ ਤੁਰੰਤ ਪਛਾਣ ਕਰਕੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਮੁਲਜ਼ਮ ਦੀ ਪਛਾਣ ਅਤੇ ਕਾਰਵਾਈ ਹੋਣ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।
ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਚੁੱਕੇ ਸਵਾਲ
ਵਕੀਲ ਨਰਿੰਦਰ ਆਦੀਆ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਸਾਥੀ ਨੇ ਉੱਥੋਂ ਲੰਘਦਿਆਂ ਬੁੱਤ ਨਾਲ ਹੋਈ ਬੇਅਦਬੀ ਦੇਖੀ ਅਤੇ ਤੁਰੰਤ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਪਹਿਲੀ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਬੁੱਤ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਨ੍ਹਾਂ ਮਾਮਲਿਆਂ ਵਿਚ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਦਾ ਪਤਾ ਲਗਾ ਕੇ ਉਸ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।

