ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ ’ਤੇ ਜਾਰੀ ਕੀਤੇ ਗਏ ਇਕ ਪੋਸਟਰ ਵਿੱਚ ਪੰਜਾਬੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਨੂੰ ਪੱਤਰ ਭੇਜਿਆ ਹੈ।
ਵਿਦੇਸ਼ ਮੰਤਰੀ ਨੂੰ ਮਾਮਲਾ ਅਮਰੀਕਾ ਕੋਲ ਉਠਾਉਣ ਦੀ ਅਪੀਲ
ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਅਮਰੀਕੀ ਸਰਕਾਰ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਕਿਸੇ ਭਾਈਚਾਰੇ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਨੂੰ ਆਧਾਰ ਬਣਾ ਕੇ ਉਸ ਨੂੰ ਨਿਸ਼ਾਨਾ ਬਣਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਅਮਰੀਕਾ ਦੀ ਤਰੱਕੀ ’ਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ
ਧਾਮੀ ਨੇ ਕਿਹਾ ਕਿ ਪੰਜਾਬੀ ਅਤੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਰਾਹੀਂ ਅਮਰੀਕਾ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਟਰੱਕਿੰਗ ਸਮੇਤ ਕਈ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅਮਰੀਕੀ ਸਮਾਜ ਵਿੱਚ ਯੋਗਦਾਨ ਪਾ ਰਹੇ ਹਨ।
ਪੋਸਟਰ ਦੀ ਭਾਸ਼ਾ ’ਤੇ ਚੁੱਕੇ ਸਵਾਲ
ਐਡਵੋਕੇਟ ਧਾਮੀ ਨੇ ਕਿਹਾ ਕਿ ਹੋਮਲੈਂਡ ਸੁਰੱਖਿਆ ਵਿਭਾਗ ਦੇ ਪੋਸਟਰ ਵਿੱਚ ‘ਮਿਸਟਰ ਸਿੰਘ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਨਾ ਪੰਜਾਬੀ ਅਤੇ ਸਿੱਖ ਭਾਈਚਾਰੇ ਪ੍ਰਤੀ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪੇਸ਼ਕਾਰੀ ਨਾਲ ਕਿਸੇ ਭਾਈਚਾਰੇ ਪ੍ਰਤੀ ਗਲਤ ਧਾਰਨਾ ਪੈਦਾ ਹੋ ਸਕਦੀ ਹੈ।
ਕਿਸੇ ਵਿਅਕਤੀ ਦੇ ਮਾਮਲੇ ਨੂੰ ਪੂਰੇ ਭਾਈਚਾਰੇ ਨਾਲ ਜੋੜਨਾ ਗਲਤ
ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕਿਸੇ ਇਕ ਵਿਅਕਤੀ ਨਾਲ ਸਬੰਧਤ ਮਾਮਲੇ ਨੂੰ ਉਸ ਦੇ ਨਾਮ, ਧਾਰਮਿਕ ਪਛਾਣ ਜਾਂ ਪਹਿਰਾਵੇ ਦੇ ਆਧਾਰ ’ਤੇ ਪੂਰੇ ਸਿੱਖ ਜਾਂ ਪੰਜਾਬੀ ਭਾਈਚਾਰੇ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰਵੱਈਏ ਨਾਲ ਪ੍ਰਵਾਸੀ ਭਾਈਚਾਰਿਆਂ ਵਿੱਚ ਡਰ ਦੀ ਭਾਵਨਾ ਪੈਦਾ ਹੋ ਸਕਦੀ ਹੈ ਅਤੇ ਆਪਸੀ ਸਾਂਝ ਪ੍ਰਭਾਵਿਤ ਹੋ ਸਕਦੀ ਹੈ।
ਸਿੱਖ ਭਾਈਚਾਰੇ ਦੀ ਸੇਵਾ ਭਾਵਨਾ ਦਾ ਦਿੱਤਾ ਹਵਾਲਾ
ਧਾਮੀ ਨੇ ਕਿਹਾ ਕਿ ਸਿੱਖ ਕੌਮ ਦੁਨੀਆ ਭਰ ਵਿੱਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਭਾਈਚਾਰੇ ਨੂੰ ਉਸ ਦੀ ਪਛਾਣ ਦੇ ਆਧਾਰ ’ਤੇ ਨਿਸ਼ਾਨਾ ਬਣਾਉਣ ਦੀ ਬਜਾਏ ਹਰ ਵਿਅਕਤੀ ਨਾਲ ਉਸ ਦੇ ਵਿਅਕਤੀਗਤ ਮਾਮਲੇ ਦੇ ਆਧਾਰ ’ਤੇ ਹੀ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੁੜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਇਸ ਮਾਮਲੇ ਨੂੰ ਅਮਰੀਕੀ ਸਰਕਾਰ ਸਾਹਮਣੇ ਉਠਾਉਣ ਦੀ ਅਪੀਲ ਕੀਤੀ।

