ਅੰਮ੍ਰਿਤਸਰ :- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਬਾਣੀ ਅਤੇ ਜੈਕਾਰਿਆਂ ਨਾਲ ਗੂੰਜੀ ਪਵਿੱਤਰ ਨਗਰੀ
ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਰਹੀ। ਗੁਰਬਾਣੀ ਕੀਰਤਨ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੁਰਮਈ ਬਣਿਆ ਰਿਹਾ। ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ।
ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰ ਸਨ।
ਰਸਤੇ ਵਿੱਚ ਸੰਗਤਾਂ ਵੱਲੋਂ ਸੇਵਾ ਦੇ ਪ੍ਰਬੰਧ
ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤ ਅਤੇ ਸੇਵਾ ਲਈ ਪ੍ਰਬੰਧ ਕੀਤੇ ਗਏ ਹਨ। ਲੰਗਰ ਅਤੇ ਛਬੀਲਾਂ ਰਾਹੀਂ ਸੰਗਤ ਦੀ ਸੇਵਾ ਕੀਤੀ ਜਾ ਰਹੀ ਹੈ। ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਰਤਨ ਨਾਲ ਜੁੜ ਰਹੀ ਹੈ।
ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਹੋਵੇਗਾ ਸਮਾਪਤ
ਸੁਲਤਾਨਪੁਰ ਲੋਧੀ ਤੋਂ ਚੱਲਿਆ ਨਗਰ ਕੀਰਤਨ ਬਟਾਲਾ ਸਾਹਿਬ ਵਿਖੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ। ਵਿਆਹ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿੱਚ ਸੰਗਤਾਂ ਦੀ ਆਮਦ ਨਾਲ ਧਾਰਮਿਕ ਮਾਹੌਲ ਬਣਿਆ ਹੋਇਆ ਹੈ।

