ਚੰਡੀਗੜ੍ਹ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲੀਆ ਰਿਕਾਰਡ ਵਿੱਚ ‘ਲਾਲ ਐਂਟਰੀ’ ਦਰਜ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੀ ਸਮੱਸਿਆ ਦਾ ਹੱਲ ਕਿਸਾਨਾਂ ’ਤੇ ਸਖ਼ਤੀ ਕਰਨ ਦੀ ਬਜਾਏ ਉਨ੍ਹਾਂ ਨੂੰ ਲੋੜੀਂਦੇ ਸਾਧਨ ਅਤੇ ਪ੍ਰਬੰਧ ਮੁਹੱਈਆ ਕਰਵਾ ਕੇ ਕੀਤਾ ਜਾਣਾ ਚਾਹੀਦਾ ਹੈ।
ਵੜਿੰਗ ਨੇ ਪ੍ਰਸਤਾਵ ’ਤੇ ਜਤਾਇਆ ਇਤਰਾਜ਼
ਵੜਿੰਗ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਜ਼ਮੀਨ ਦੇ ਰਿਕਾਰਡ ’ਚ ‘ਲਾਲ ਐਂਟਰੀ’ ਕਰਨ ਦੀ ਵਿਵਸਥਾ ਨਾਲ ਇਸ ਦੀ ਦੁਰਵਰਤੋਂ ਦਾ ਖ਼ਦਸ਼ਾ ਬਣਿਆ ਰਹੇਗਾ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕੋਈ ਵਿਅਕਤੀ ਕਿਸੇ ਹੋਰ ਦੀ ਜ਼ਮੀਨ ’ਤੇ ਪਰਾਲੀ ਨੂੰ ਅੱਗ ਲਗਾ ਦਿੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜ਼ਮੀਨ ਦੇ ਮਾਲਕ ’ਤੇ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪੱਖ ਨੂੰ ਧਿਆਨ ਵਿੱਚ ਰੱਖੇ ਬਿਨਾਂ ਅਜਿਹੀ ਵਿਵਸਥਾ ਲਾਗੂ ਕਰਨਾ ਕਿਸਾਨਾਂ ਲਈ ਮੁਸ਼ਕਲਾਂ ਪੈਦਾ ਕਰ ਸਕਦਾ ਹੈ।
ਪਰਾਲੀ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕਰਨ ਦੀ ਮੰਗ
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਢੁਕਵੀਂ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਲੋੜੀਂਦੇ ਸਾਧਨ ਅਤੇ ਸਹੂਲਤਾਂ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪ੍ਰਸਤਾਵ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਹਰ ਸਮੱਸਿਆ ਦੀ ਜ਼ਿੰਮੇਵਾਰੀ ਕਿਸਾਨਾਂ ’ਤੇ ਨਹੀਂ ਪਾਈ ਜਾ ਸਕਦੀ।
ਕਾਂਗਰਸ ਵੱਲੋਂ ਵਿਰੋਧ ਦਾ ਐਲਾਨ
ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੇ ਇਸ ਪ੍ਰਸਤਾਵ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਪਰਾਲੀ ਦੀ ਸਮੱਸਿਆ ਨਾਲ ਜੂਝ ਰਹੇ ਸੂਬਿਆਂ ਦੇ ਕਿਸਾਨਾਂ ਨੂੰ ਸਖ਼ਤ ਕਾਰਵਾਈ ਦੀ ਬਜਾਏ ਵਿਹਾਰਕ ਹੱਲ ਦੀ ਲੋੜ ਹੈ।
ਕਿਸਾਨਾਂ ਦੇ ਨਾਲ ਖੜ੍ਹਨ ਦਾ ਦਿੱਤਾ ਭਰੋਸਾ
ਵੜਿੰਗ ਨੇ ਕਿਹਾ ਕਿ ਜੇਕਰ ਇਸ ਪ੍ਰਸਤਾਵ ਨੂੰ ਵਾਪਸ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕਾਰਵਾਈ ਦੀ ਲੋੜ ਪਈ ਤਾਂ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਇਸ ਮੁੱਦੇ ’ਤੇ ਆਪਣਾ ਵਿਰੋਧ ਜਾਰੀ ਰੱਖੇਗੀ।

