‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਨੇ ਲਿਆ ਫ਼ੈਸਲਾ, ਹਲਕਿਆਂ ਬਾਰੇ ਅੰਤਿਮ ਫ਼ੈਸਲਾ ਸੰਸਦੀ ਬੋਰਡ ਕਰੇਗਾ
ਚੰਡੀਗੜ੍ਹ :- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਨੇ ਆਪਣੀ ਰਣਨੀਤੀ ਤਹਿਤ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦੋ ਵਿਧਾਨ ਸਭਾ ਹਲਕਿਆਂ ਤੋਂ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪੁਸ਼ਟੀ ਕੀਤੀ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਕਿਹੜੇ ਦੋ ਹਲਕਿਆਂ ਤੋਂ ਚੋਣ ਲੜਨਗੇ, ਇਸ ਦਾ ਫ਼ੈਸਲਾ ਅਜੇ ਨਹੀਂ ਕੀਤਾ ਗਿਆ।
ਸੰਸਦੀ ਬੋਰਡ ਕਰੇਗਾ ਦੋ ਹਲਕਿਆਂ ਦੀ ਚੋਣ
ਮਨਪ੍ਰੀਤ ਸਿੰਘ ਇਆਲੀ ਮੁਤਾਬਕ ਪਾਰਟੀ ਦਾ ਸੰਸਦੀ ਬੋਰਡ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਦੋ ਵਿਧਾਨ ਸਭਾ ਸੀਟਾਂ ਬਾਰੇ ਫ਼ੈਸਲਾ ਕਰੇਗਾ, ਜਿੱਥੋਂ ਅੰਮ੍ਰਿਤਪਾਲ ਸਿੰਘ ਨੂੰ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋ ਸੀਟਾਂ ਤੋਂ ਚੋਣ ਲੜਨ ਦਾ ਫ਼ੈਸਲਾ ਹੋ ਚੁੱਕਾ ਹੈ, ਜਦਕਿ ਹਲਕਿਆਂ ਦੀ ਚੋਣ ਅਜੇ ਬਾਕੀ ਹੈ।
ਧੂਰੀ ਤੋਂ ਭਗਵੰਤ ਮਾਨ ਖ਼ਿਲਾਫ਼ ਉਤਾਰਨ ਦੀ ਵੀ ਚਰਚਾ
ਪਾਰਟੀ ਆਗੂ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਮੁਕਾਬਲੇ ਚੋਣ ਮੈਦਾਨ ਵਿੱਚ ਉਤਾਰਨ ਦੀ ਸੰਭਾਵਨਾ ’ਤੇ ਵੀ ਵਿਚਾਰ ਹੋ ਸਕਦਾ ਹੈ। ਹਾਲਾਂਕਿ ਇਆਲੀ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ।
ਜੇਲ੍ਹ ’ਚ ਰਹਿ ਕੇ ਖਡੂਰ ਸਾਹਿਬ ਤੋਂ ਜਿੱਤੀ ਸੀ ਲੋਕ ਸਭਾ ਚੋਣ
ਅੰਮ੍ਰਿਤਪਾਲ ਸਿੰਘ ਇਸ ਸਮੇਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਨੇ ਲੋਕ ਸਭਾ ਚੋਣ ਦੌਰਾਨ ਜੇਲ੍ਹ ਵਿੱਚ ਰਹਿੰਦਿਆਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਹਲਕਿਆਂ ਤੋਂ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਪਾਰਟੀ ਪਹਿਲਾਂ ਹੀ ਮੁੱਖ ਮੰਤਰੀ ਅਹੁਦੇ ਲਈ ਐਲਾਨ ਚੁੱਕੀ ਹੈ ਉਮੀਦਵਾਰ
‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਪਹਿਲਾਂ ਹੀ ਐਲਾਨਿਆ ਜਾ ਚੁੱਕਾ ਹੈ। ਹੁਣ ਦੋ ਵਿਧਾਨ ਸਭਾ ਹਲਕਿਆਂ ਤੋਂ ਉਨ੍ਹਾਂ ਨੂੰ ਚੋਣ ਲੜਾਉਣ ਦੇ ਫ਼ੈਸਲੇ ਨਾਲ 2027 ਦੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ਦਾ ਇੱਕ ਹੋਰ ਪੱਖ ਸਾਹਮਣੇ ਆਇਆ ਹੈ।

