ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਹਾਲਾਂਕਿ, ਸੁਣਵਾਈ ਤੋਂ ਪਹਿਲਾਂ ਹੀ ਜਸਟਿਸ ਸ਼ੀਲ ਨਾਗੂ ਨੇ ਆਪਣੇ ਆਪ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਨਿਯੁਕਤੀ ਤੋਂ ਪਹਿਲਾਂ ਜਸਟਿਸ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਸੀਬੀਆਈ ਜਾਂਚ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਕੇਸ ਦਰਜ ਕਰਕੇ ਕਥਿਤ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਜਾਂਚ ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਹਾਈ ਕੋਰਟ ਦੇ ਹੁਕਮ ’ਤੇ ਰੋਕ ਲਾਉਣ ਦੀ ਮੰਗ
ਸੂਬਾ ਸਰਕਾਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾਈ ਜਾਵੇ। ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਣੀ ਸੀ, ਪਰ ਸੁਣਵਾਈ ਨਾਲ ਸਬੰਧਤ ਫਾਈਲ ਦੇਰ ਨਾਲ ਪਹੁੰਚਣ ਕਾਰਨ ਕਾਰਵਾਈ ਅੱਗੇ ਨਹੀਂ ਵਧ ਸਕੀ। ਹੁਣ ਅੱਜ ਅਦਾਲਤ ਵਿੱਚ ਮਾਮਲੇ ’ਤੇ ਸੁਣਵਾਈ ਹੋਣ ਦੀ ਉਮੀਦ ਹੈ। ਜਸਟਿਸ ਸ਼ੀਲ ਨਾਗੂ ਦੇ ਸੁਣਵਾਈ ਤੋਂ ਵੱਖ ਹੋਣ ਮਗਰੋਂ ਮਾਮਲੇ ਦੀ ਸੁਣਵਾਈ ਕਿਸ ਬੈਂਚ ਵੱਲੋਂ ਕੀਤੀ ਜਾਵੇਗੀ, ਇਸ ਬਾਰੇ ਅਗਲੀ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ।