ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਏ.ਐਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਐਲਾਨ ਮੁਤਾਬਕ, ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ, ਜਦਕਿ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਮਿਲੇਗੀ।
ਮੁੱਖ ਮੰਤਰੀ ਨੇ ਪਰਿਵਾਰ ਨਾਲ ਖੜ੍ਹੇ ਹੋਣ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐਸ.ਆਈ. ਇਕਬਾਲ ਸਿੰਘ ਦੀ ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਨੂੰ ਸਲਾਮ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹੋਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਸਰਕਾਰ ਅਤੇ ਬੈਂਕ ਵੱਲੋਂ ਮਿਲੇਗੀ ਵੱਖ-ਵੱਖ ਰਾਸ਼ੀ
ਐਲਾਨ ਅਨੁਸਾਰ, ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 1 ਕਰੋੜ ਰੁਪਏ ਦੀ ਰਾਸ਼ੀ ਐਕਸ-ਗ੍ਰੇਸ਼ੀਆ ਸਹਾਇਤਾ ਹੋਵੇਗੀ। ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ। ਇਸ ਤਰ੍ਹਾਂ ਦੋਵਾਂ ਰਾਸ਼ੀਆਂ ਨੂੰ ਮਿਲਾ ਕੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।