ਚੰਡੀਗੜ੍ਹ :- ਪਾਕਿਸਤਾਨ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਇਹ ਸੱਦਾ CM ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪਾਕਿਸਤਾਨ ਜਾਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਦਿੱਤਾ ਗਿਆ ਹੈ।
ਧਾਰਮਿਕ ਤੇ ਸੱਭਿਆਚਾਰਕ ਸਾਂਝ ਮਜ਼ਬੂਤ ਕਰਨ ਦੀ ਗੱਲ
ਆਪਣੇ ਵੀਡੀਓ ਸੰਦੇਸ਼ ਵਿੱਚ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿੱਚ CM ਮਾਨ ਅਤੇ ਵਿਧਾਇਕਾਂ ਦਾ ਦਿਲੋਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਭਾਰਤੀ ਨੁਮਾਇੰਦਿਆਂ ਨੂੰ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਤੋਂ ਇਲਾਵਾ ਹੋਰ ਧਰਮਾਂ ਨਾਲ ਜੁੜੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਵੀ ਦਿੱਤਾ।
ਲਾਹੌਰ ਸੰਮੇਲਨ ਦਾ ਵੀ ਮਿਲਿਆ ਸੀ ਸੱਦਾ
CM ਮਾਨ ਨੂੰ 27 ਤੋਂ 29 ਨਵੰਬਰ ਤੱਕ ਲਾਹੌਰ ਵਿੱਚ ਹੋਣ ਵਾਲੇ ਚੌਥੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਮਿਲਿਆ ਸੀ। 23 ਅਕਤੂਬਰ ਨੂੰ ਵਿਧਾਨ ਸਭਾ ਵਿੱਚ ਇਸ ਦਾ ਜ਼ਿਕਰ ਕਰਦਿਆਂ ਮਾਨ ਨੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲਣ ਬਾਰੇ ਸ਼ੱਕ ਜਤਾਇਆ ਸੀ। ਉਨ੍ਹਾਂ ਸੁਝਾਅ ਦਿੱਤਾ ਸੀ ਕਿ ਇਜਾਜ਼ਤ ਮਿਲਣ ’ਤੇ ਪੂਰਾ ਸਦਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾ ਸਕਦਾ ਹੈ।