ਨਵੀਂ ਦਿੱਲੀ :- ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਦੇਰ ਰਾਤ ਇੱਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅੱਗ ਫੈਕਟਰੀ ਦੀ ਬੇਸਮੈਂਟ ਵਿੱਚ ਲੱਗੀ ਸੀ, ਜਿਸ ਕਾਰਨ ਅੰਦਰ ਮੌਜੂਦ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਬੇਹੋਸ਼ੀ ਦੀ ਹਾਲਤ ’ਚ ਮਿਲੇ 6 ਲੋਕ
ਬਚਾਅ ਟੀਮਾਂ ਨੇ ਫੈਕਟਰੀ ਵਿੱਚੋਂ 6 ਲੋਕਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ ਅਤੇ ਇਲਾਜ ਲਈ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਪਹੁੰਚਾਇਆ। ਇਸ ਤੋਂ ਇਲਾਵਾ ਇਮਾਰਤ ਦੀ ਚੌਥੀ ਮੰਜ਼ਿਲ ’ਤੇ ਫਸੇ 5 ਹੋਰ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ।
ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ
ਦਿੱਲੀ ਫਾਇਰ ਸਰਵਿਸ ਦੇ ਸਹਾਇਕ ਡਿਵੀਜ਼ਨਲ ਅਫ਼ਸਰ ਪਾਰਸ ਕੁਮਾਰ ਨੇ ਦੱਸਿਆ ਕਿ ਫੈਕਟਰੀ ਵਿੱਚ ਜੁੱਤੀਆਂ ਅਤੇ ਚੱਪਲਾਂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਟੋਰ ਵੀ ਕੀਤਾ ਜਾਂਦਾ ਹੈ। ਬੇਸਮੈਂਟ ਵਿੱਚ ਅੱਗ ਲੱਗੀ ਸੀ। ਉਨ੍ਹਾਂ ਮੁਤਾਬਕ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ ਅਤੇ ਮੌਕੇ ਤੇ ਕੂਲਿੰਗ ਦੀ ਪ੍ਰਕਿਰਿਆ ਜਾਰੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।