ਪੰਚਕੂਲਾ :- ਹਰਿਆਣਾ ਦੇ ਪੰਚਕੂਲਾ ਸਥਿਤ ਇੱਕ ਨਿੱਜੀ ਸਕੂਲ ਵਿੱਚ ਛੋਟੀ ਬੱਚੀ ਨਾਲ ਵਾਪਰੀ ਘਟਨਾ ਨੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ। ਸੰਸਕ੍ਰਿਤੀ ਮਾਡਲ ਸਕੂਲ ਵਿੱਚ ਕੇਜੀ ਜਮਾਤ ਦੀ ਵਿਦਿਆਰਥਣ ’ਤੇ ਤੀਜੀ ਜਮਾਤ ਦੇ ਇੱਕ ਵਿਦਿਆਰਥੀ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੱਥਰਾਂ ਅਤੇ ਗਮਲੇ ਨਾਲ ਕੀਤਾ ਹਮਲਾ
ਮੁੱਢਲੀ ਜਾਣਕਾਰੀ ਅਨੁਸਾਰ ਤੀਜੀ ਜਮਾਤ ਦੇ ਵਿਦਿਆਰਥੀ ਨੇ ਪਹਿਲਾਂ ਬੱਚੀ ’ਤੇ ਪੱਥਰਾਂ ਨਾਲ ਹਮਲਾ ਕੀਤਾ ਅਤੇ ਬਾਅਦ ਵਿੱਚ ਫੁੱਲਾਂ ਵਾਲਾ ਗਮਲਾ ਚੁੱਕ ਕੇ ਉਸ ਦੇ ਸਿਰ ’ਤੇ ਮਾਰਿਆ। ਦੋਸ਼ ਹੈ ਕਿ ਬੱਚੀ ਦੇ ਬੇਹੋਸ਼ ਹੋਣ ਤੋਂ ਬਾਅਦ ਵੀ ਹਮਲਾ ਜਾਰੀ ਰਿਹਾ ਅਤੇ ਉਸ ਨੂੰ ਵਾਲਾਂ ਤੋਂ ਫੜ ਕੇ ਸਕੂਲ ਦੇ ਅੰਦਰ ਘੜੀਸਿਆ ਗਿਆ।
ਗੰਭੀਰ ਹਾਲਤ ਦੇਖਦਿਆਂ ਪੀਜੀਆਈ ਕੀਤਾ ਰੈਫ਼ਰ
ਜ਼ਖ਼ਮੀ ਬੱਚੀ ਨੂੰ ਪਹਿਲਾਂ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ। ਉੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਰੈਫ਼ਰ ਕਰ ਦਿੱਤਾ। ਫਿਲਹਾਲ ਬੱਚੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਮਲੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ।
ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀ ਦੇ ਮਾਪਿਆਂ ਤੋਂ ਪੁੱਛਗਿੱਛ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਸਕੂਲ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਸਕੂਲ ਪ੍ਰਬੰਧਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਘਟਨਾ ਕਿਵੇਂ ਵਾਪਰੀ ਅਤੇ ਉਸ ਸਮੇਂ ਸਕੂਲ ਸਟਾਫ਼ ਕਿੱਥੇ ਸੀ। ਇਸ ਤੋਂ ਇਲਾਵਾ ਸਬੰਧਤ ਵਿਦਿਆਰਥੀ ਦੇ ਮਾਪਿਆਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।