ਹਥਿਆਰਾਂ ਤੋਂ ਲੈ ਕੇ ਨਸ਼ੀਲੇ ਪਦਾਰਥਾਂ ਤੱਕ ਵੱਡੀ ਬਰਾਮਦਗੀ
ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੁੱਲ 7 ਆਧੁਨਿਕ ਅਤੇ ਨਾਜਾਇਜ਼ ਹਥਿਆਰਾਂ ਸਮੇਤ ਦੋ ਹੈਂਡ ਗ੍ਰਨੇਡ ਅਤੇ 26 ਜ਼ਿੰਦਾ ਕਾਰਤੂਸ ਮਿਲੇ ਹਨ। ਇਸ ਤੋਂ ਇਲਾਵਾ 34 ਕਿਲੋਗ੍ਰਾਮ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਪੁਲਸ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਨੈੱਟਵਰਕਾਂ ਵਿਰੁੱਧ ਅਹਿਮ ਕਾਰਵਾਈ ਮੰਨਿਆ ਜਾ ਰਿਹਾ ਹੈ।
ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖ਼ਦਸ਼ਾ
ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਮੁੱਢਲੀ ਜਾਂਚ ਮੁਤਾਬਕ ਇਹ ਹੈਂਡਲਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਨਾਜਾਇਜ਼ ਹਥਿਆਰ ਪਹੁੰਚਾਉਣ ਲਈ ਸਪਲਾਈ ਦਾ ਪ੍ਰਬੰਧ ਕਰਦੇ ਸਨ। ਪੁਲਸ ਵੱਲੋਂ ਹੁਣ ਇਸ ਨੈੱਟਵਰਕ ਦੇ ਹੋਰ ਸੰਪਰਕਾਂ ਅਤੇ ਸਪਲਾਈ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜ ਥਾਣਿਆਂ ਵਿੱਚ ਵੱਖ-ਵੱਖ FIR ਦਰਜ
ਇਸ ਕਾਰਵਾਈ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ, ਬਿਆਸ, ਮਹਿਤਾ ਅਤੇ ਲੋਪੋਕੇ ਤੋਂ ਇਲਾਵਾ ਅੰਮ੍ਰਿਤਸਰ ਦੇ ਛੇਹਰਟਾ ਥਾਣੇ ਵਿੱਚ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਸ ਵੱਲੋਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।