ਚੰਡੀਗੜ੍ਹ :- ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਹਲਫ਼ਨਾਮੇ ਸਹਿਤ ਜਵਾਬ ਦੇਣ ਲਈ ਤਲਬ ਕੀਤਾ ਹੈ। ਸਿਮਰਨਜੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਵਿਰੁੱਧ ਕਾਰਵਾਈ ਰਾਜਨੀਤਿਕ ਰੰਜਿਸ਼ ਦਾ ਨਤੀਜਾ ਹੈ।
ਹੜ੍ਹਾਂ ਦੌਰਾਨ ਬਿਆਨ ਦੇਣ ਤੋਂ ਬਾਅਦ ਕਾਰਵਾਈ?
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਿਵੇਂ ਹੀ ਹਰਮੀਤ ਸਿੰਘ ਪਠਾਨਮਾਜਰਾ ਨੇ ਹੜ੍ਹਾਂ ਦੌਰਾਨ ਸਰਕਾਰ ਦੇ ਖ਼ਿਲਾਫ਼ ਬਿਆਨ ਦਿੱਤਾ, ਤੁਰੰਤ ਹੀ ਉਨ੍ਹਾਂ ਵਿਰੁੱਧ ਕਈ ਸਾਲ ਪੁਰਾਣੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਦਿੱਤੀ ਗਈ। ਸਿਰਫ਼ ਇਹ ਹੀ ਨਹੀਂ, ਉਨ੍ਹਾਂ ਦੇ ਹਲਕੇ ਦੇ ਸਾਰੇ ਐਸਐਚਓਜ਼ ਦੇ ਤਬਾਦਲੇ ਵੀ ਕਰ ਦਿੱਤੇ ਗਏ।
ਗੋਲੀਬਾਰੀ ਅਤੇ ਭੱਜਣ ਦੇ ਦੋਸ਼
ਪਠਾਨਮਾਜਰਾ ਦੀ ਪਤਨੀ ਨੇ ਅੱਗੇ ਕਿਹਾ ਕਿ ਗ੍ਰਿਫਤਾਰੀ ਦੌਰਾਨ ਉਨ੍ਹਾਂ ਦੇ ਪਤੀ ‘ਤੇ ਪੁਲਿਸ ‘ਤੇ ਗੋਲੀਬਾਰੀ ਕਰਨ ਅਤੇ ਮੌਕੇ ਤੋਂ ਭੱਜ ਜਾਣ ਦੇ ਦੋਸ਼ ਵੀ ਲਗਾਏ ਗਏ ਹਨ।
ਪਰਿਵਾਰ ਨੂੰ ਪ੍ਰੇਸ਼ਾਨੀ ਦਾ ਆਰੋਪ
ਸਿਮਰਨਜੀਤ ਕੌਰ ਨੇ ਦਾਅਵਾ ਕੀਤਾ ਕਿ ਕੇਸ ਦਰਜ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇਹ ਵੀ ਡਰ ਹੈ ਕਿ ਉਨ੍ਹਾਂ ਦੇ ਪਤੀ ਨਾਲ ਕੁਝ ਅਣਚਾਹੀ ਘਟਨਾ ਵਾਪਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਹਾਈ ਕੋਰਟ ਤੋਂ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਹਾਈ ਕੋਰਟ ਦੇ ਹੁਕਮ
ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ 23 ਸਤੰਬਰ ਤੱਕ ਹਲਫ਼ਨਾਮਾ ਦਾਇਰ ਕਰਕੇ ਜਵਾਬ ਪੇਸ਼ ਕੀਤਾ ਜਾਵੇ।