ਪਹਿਲਾਂ 6 ਦੀ ਮੌਤ, ਹਸਪਤਾਲ ਵਿੱਚ ਦੋ ਹੋਰ ਨੇ ਦਮ ਤੋੜਿਆ
ਮੁਨੀਕੀਰੇਤੀ ਦੇ ਇੰਸਪੈਕਟਰ-ਇਨ-ਚਾਰਜ ਪ੍ਰਦੀਪ ਚੌਹਾਨ ਅਨੁਸਾਰ, 32 ਸੀਟਾਂ ਵਾਲੀ ਇਸ ਬੱਸ ਵਿੱਚ 30 ਯਾਤਰੀ ਸਵਾਰ ਸਨ। ਬੱਸ ਖੱਡ ਵਿੱਚ ਡਿੱਗਣ ਕਾਰਨ 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀਆਂ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਐੱਸਡੀਆਰਐੱਫ ਦੀਆਂ ਟੀਮਾਂ ਨੇ ਸੰਭਾਲਿਆ ਮੋਰਚਾ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਿਆਸੀ ਅਤੇ ਢਾਲਵਾਲਾ ਚੌਕੀਆਂ ਤੋਂ ਰਾਜ ਆਫ਼ਤ ਪ੍ਰਤੀਕਿਰਿਆ ਬਲ (ਐੱਸਡੀਆਰਐੱਫ) ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਡੂੰਘੀ ਖੱਡ ਵਿੱਚ ਡਿੱਗੀ ਬੱਸ ਵਿੱਚੋਂ ਯਾਤਰੀਆਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਚਲਾਏ ਗਏ। ਟਿਹਰੀ ਦੀ ਜ਼ਿਲ੍ਹਾ ਮੈਜਿਸਟ੍ਰੇਟ ਨੀਤਿਕਾ ਖੰਡੇਲਵਾਲ ਅਤੇ ਐੱਸਐੱਸਪੀ ਸ਼ਵੇਤਾ ਚੌਬੇ ਵੀ ਘਟਨਾ ਸਥਾਨ ਲਈ ਰਵਾਨਾ ਹੋ ਗਏ।
ਜ਼ਖ਼ਮੀਆਂ ਨੂੰ ਏਮਜ਼ ਅਤੇ ਸਰਕਾਰੀ ਹਸਪਤਾਲ ਭੇਜਿਆ
ਹਾਦਸੇ ਵਿੱਚ ਜ਼ਖ਼ਮੀ ਹੋਏ 25 ਲੋਕਾਂ ਵਿੱਚੋਂ 18 ਨੂੰ ਰਿਸ਼ੀਕੇਸ਼ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਬਾਕੀਆਂ ਦਾ ਇਲਾਜ ਰਿਸ਼ੀਕੇਸ਼ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਪੀੜਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਿਹਰੀ ਗੜ੍ਹਵਾਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।