ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਚਾਰ ਥਾਵਾਂ ਤੋਂ ਸਜਾਈਆਂ ਜਾਣਗੀਆਂ ਸ਼ੋਭਾ ਯਾਤਰਾਵਾਂ
ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਚਾਰ ਸ਼ੋਭਾ ਯਾਤਰਾਵਾਂ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਯਾਤਰਾਵਾਂ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਰਵਾਨਾ ਹੋਣਗੀਆਂ ਅਤੇ ਇਨ੍ਹਾਂ ਦੀ ਸਮਾਪਤੀ ਖੁਰਾਲਗੜ੍ਹ ਵਿਖੇ ਹੋਵੇਗੀ।
4 ਦਸੰਬਰ ਨੂੰ ਅਖੰਡ ਪਾਠ ਨਾਲ ਹੋਵੇਗੀ ਸ਼ੁਰੂਆਤ
ਮੁੱਖ ਮੰਤਰੀ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਕੀਤੀ ਜਾਵੇਗੀ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਾਈ ਜਾਵੇਗੀ। ਇਸ ਤੋਂ ਇਲਾਵਾ ਸੰਤ ਸੰਮੇਲਨ, ਕਥਾ-ਕੀਰਤਨ ਦਰਬਾਰ, ਡਰੋਨ ਸ਼ੋਅ ਅਤੇ ਹੋਰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
5 ਦਸੰਬਰ ਨੂੰ ਨਗਰ ਕੀਰਤਨ ਤੋਂ ਬਾਅਦ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ’ਤੇ ਵਿਸ਼ੇਸ਼ ਕਾਨਫਰੰਸ ਹੋਵੇਗੀ। ਇਸ ਦਿਨ ਵੀ ਕਥਾ-ਕੀਰਤਨ ਦਰਬਾਰ, ਡਰੋਨ ਸ਼ੋਅ ਸਮੇਤ ਹੋਰ ਸਮਾਗਮ ਉਲੀਕੇ ਗਏ ਹਨ। 6 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।
ਸਾਲ ਭਰ ਚੱਲਣਗੀਆਂ ਯਾਦਗਾਰੀ ਗਤੀਵਿਧੀਆਂ
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਸੀਮਤ ਨਹੀਂ ਰਹਿਣਗੇ। ਸਰਕਾਰ ਵੱਲੋਂ ਉਨ੍ਹਾਂ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਲ ਭਰ ਦੀਆਂ ਗਤੀਵਿਧੀਆਂ ਵੀ ਉਲੀਕੀਆਂ ਗਈਆਂ ਹਨ।
ਇਸ ਤਹਿਤ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ ਅਤੇ 13 ਹਜ਼ਾਰ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦਿਖਾਉਣ ਦਾ ਪ੍ਰੋਗਰਾਮ ਸ਼ਾਮਲ ਹੈ। ਇਸ ਤੋਂ ਇਲਾਵਾ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਾਉਣ ਦੀਆਂ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੇ ਪ੍ਰਬੰਧਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।