ਅੰਮ੍ਰਿਤਸਰ :- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋ ਗਏ ਹਨ। ਪੰਜਾਬ ਪੁਲਸ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਪਹੁੰਚੀ, ਜਿੱਥੋਂ ਉਨ੍ਹਾਂ ਨੂੰ ਵਾਪਸ ਅਸਾਮ ਲਿਜਾਇਆ ਜਾਵੇਗਾ। ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 13 ਦਿਨਾਂ ਬਾਅਦ ਕੀਤਾ ਗਿਆ।
ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ‘ਤੇ ਮਿਲੀ ਸੀ ਇਜਾਜ਼ਤ
ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਸੀ। ਇਸ ਲਈ ਪੰਜਾਬ ਪੁਲਸ ਦੀ ਟੀਮ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਆਈ ਸੀ, ਜਿੱਥੇ ਉਨ੍ਹਾਂ ਨੂੰ ਇਕ ਸੁਰੱਖਿਅਤ ਟਿਕਾਣੇ ‘ਤੇ ਰੱਖਿਆ ਗਿਆ।
ਬੁਲੇਟਪਰੂਫ਼ ਗੱਡੀ ਰਾਹੀਂ ਪਹੁੰਚੇ ਜੱਲੂਪੁਰ ਖੇੜਾ
ਸ਼ਨੀਵਾਰ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਪਹੁੰਚਣ ਮਗਰੋਂ ਉਨ੍ਹਾਂ ਨੂੰ ਬੁਲੇਟਪਰੂਫ਼ ਗੱਡੀ ਰਾਹੀਂ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਗਿਆ। ਇੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਕਰੀਬ ਇਕ ਘੰਟਾ ਪਰਿਵਾਰ ਵਿਚਕਾਰ ਬਿਤਾਇਆ। ਇਸ ਤੋਂ ਬਾਅਦ ਉਹ ਆਪਣੀ ਦਾਦੀ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਟਰਾਲੀ ‘ਤੇ ਸਵਾਰ ਹੋ ਕੇ ਸ਼ਮਸ਼ਾਨਘਾਟ ਪਹੁੰਚੇ। ਇਸ ਦੌਰਾਨ ਉੱਥੇ ਮੌਜੂਦ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਆਉਣ-ਜਾਣ ‘ਤੇ ਕਰੀਬ 10 ਲੱਖ ਰੁਪਏ ਖ਼ਰਚ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦੀ ਪੂਰੀ ਪ੍ਰਕਿਰਿਆ ‘ਤੇ ਕਰੀਬ 10 ਲੱਖ ਰੁਪਏ ਖ਼ਰਚ ਹੋਏ ਹਨ। ਦੱਸਿਆ ਗਿਆ ਹੈ ਕਿ ਇਸ ਰਕਮ ਦੀ ਅਦਾਇਗੀ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ।
ਸਾਢੇ ਤਿੰਨ ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ ਅੰਮ੍ਰਿਤਪਾਲ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਜਨਾਲਾ ਥਾਣੇ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਵਿਰੁੱਧ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਕਾਰਵਾਈ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ।