ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮਾਂ ਦੀਆਂ ਰੌਣਕਾਂ
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਸਨ। ਇਸ ਦੌਰਾਨ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਰਾਹੀਂ ਗੁਰਬਾਣੀ ਦਾ ਪ੍ਰਚਾਰ ਕੀਤਾ ਗਿਆ ਅਤੇ ਵੱਖ-ਵੱਖ ਇਲਾਕਿਆਂ ਵਿੱਚ ਨਗਰ ਕੀਰਤਨ ਵੀ ਸਜਾਏ ਗਏ। ਅੱਜ ਗੁਰਪੁਰਬ ਮੌਕੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ।
ਮਨੁੱਖਤਾ ਨੂੰ ਬਰਾਬਰੀ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਮਨੁੱਖੀ ਇਤਿਹਾਸ ਦੀ ਅਜਿਹੀ ਮਹਾਨ ਘਟਨਾ ਹੈ, ਜਿਸ ਨੇ ਸਮਾਜ ਨੂੰ ਨਵੀਂ ਸੋਚ ਅਤੇ ਜੀਵਨ ਜਿਊਣ ਦੀ ਨਵੀਂ ਦਿਸ਼ਾ ਦਿੱਤੀ। ਭਾਈ ਗੁਰਦਾਸ ਜੀ ਦੀ ਪਾਵਨ ਰਚਨਾ ‘ਸਤਿਗੁਰੁ ਨਾਨਕੁ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ’ ਗੁਰੂ ਸਾਹਿਬ ਦੇ ਆਗਮਨ ਨਾਲ ਫੈਲੇ ਗਿਆਨ ਅਤੇ ਅਧਿਆਤਮਿਕ ਚਾਨਣ ਨੂੰ ਬਿਆਨ ਕਰਦੀ ਹੈ।
ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਜਾਤ-ਪਾਤ, ਊਚ-ਨੀਚ, ਧਾਰਮਿਕ ਕੱਟੜਤਾ ਅਤੇ ਸਮਾਜਿਕ ਵਿਤਕਰਿਆਂ ਦਾ ਵਿਰੋਧ ਕਰਦਿਆਂ ਮਨੁੱਖ ਨੂੰ ਮਨੁੱਖ ਵਜੋਂ ਸਤਿਕਾਰ ਦੇਣ ਦੀ ਸਿੱਖਿਆ ਦਿੱਤੀ। ਉਨ੍ਹਾਂ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਸੀ, ਸਗੋਂ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸੱਚਾਈ, ਦਇਆ ਅਤੇ ਬਰਾਬਰੀ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਅੱਜ ਵੀ ਜੀਵਨ ਨੂੰ ਸੇਧ ਦਿੰਦੀਆਂ ਹਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸਿਧਾਂਤ ਮਨੁੱਖ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਪਰਮਾਤਮਾ ਨਾਲ ਜੁੜੇ ਰਹਿਣ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦਾ ਮਾਰਗ ਦਿਖਾਉਂਦਾ ਹੈ। ਲੰਗਰ, ਸੇਵਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਰਾਹੀਂ ਗੁਰੂ ਸਾਹਿਬ ਨੇ ਅਜਿਹੇ ਸਮਾਜ ਦੀ ਕਲਪਨਾ ਪੇਸ਼ ਕੀਤੀ, ਜਿੱਥੇ ਕਿਸੇ ਨਾਲ ਵੀ ਭੇਦਭਾਵ ਨਾ ਹੋਵੇ।
ਗੁਰਪੁਰਬ ਦਾ ਇਹ ਪਾਵਨ ਦਿਹਾੜਾ ਸਿਰਫ਼ ਖ਼ੁਸ਼ੀਆਂ ਮਨਾਉਣ ਦਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਉਣ ਦਾ ਵੀ ਮੌਕਾ ਹੈ। ਸਮਾਜ ਵਿੱਚ ਵਧ ਰਹੀਆਂ ਵੰਡੀਆਂ ਅਤੇ ਆਪਸੀ ਮਤਭੇਦਾਂ ਦੇ ਦੌਰ ਵਿੱਚ ਗੁਰੂ ਸਾਹਿਬ ਦੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰੇ ਦੀ ਸਿੱਖਿਆ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ।
ਵਿਸ਼ਵ ਵਾਰਤਾ ਪਰਿਵਾਰ ਵੱਲੋਂ ਸੰਗਤਾਂ ਨੂੰ ਵਧਾਈ
ਇਸ ਪਾਵਨ ਮੌਕੇ ਵਿਸ਼ਵ ਵਾਰਤਾ ਪਰਿਵਾਰ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਪਰਿਵਾਰ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਮਨੁੱਖਤਾ ‘ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਪਿਆਰ ਤੇ ਖ਼ੁਸ਼ਹਾਲੀ ਦਾ ਵਾਸ ਹੋਵੇ।