ਸਰਕਾਰ ਨਾਲ ਮੀਟਿੰਗ ਨਾ ਹੋਣ ਕਾਰਨ ਵਧਿਆ ਰੋਸ
ਯੂਨੀਅਨ ਅਨੁਸਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਚਾਰ ਕਰਨ ਲਈ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਕੀਤੀ ਗਈ ਸੀ। ਜਥੇਬੰਦੀ ਦਾ ਦਾਅਵਾ ਹੈ ਕਿ ਨਿਰਧਾਰਤ ਸਮੇਂ ‘ਤੇ ਕੋਈ ਵੀ ਸਰਕਾਰੀ ਨੁਮਾਇੰਦਾ ਮੀਟਿੰਗ ਵਿੱਚ ਨਹੀਂ ਪਹੁੰਚਿਆ। ਇਸ ਤੋਂ ਪਹਿਲਾਂ ਮੁਲਾਜ਼ਮ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਸਿਵਲ ਸਕੱਤਰੇਤ ਵੀ ਗਏ ਸਨ, ਪਰ ਉਨ੍ਹਾਂ ਮੁਤਾਬਕ ਮਸਲਿਆਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਨੌਕਰੀ ਤੋਂ ਕੱਢਣ ਦੀ ਚਿਤਾਵਨੀ ਦੇਣ ਦਾ ਦਾਅਵਾ
ਹੜਤਾਲ ਦੇ ਐਲਾਨ ਤੋਂ ਬਾਅਦ ਕੰਪਨੀ ਵੱਲੋਂ ਬੀਤੀ ਰਾਤ ਮੁਲਾਜ਼ਮਾਂ ਨੂੰ ਈ-ਮੇਲ ਭੇਜੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਯੂਨੀਅਨ ਦਾ ਦਾਅਵਾ ਹੈ ਕਿ ਇਸ ਈ-ਮੇਲ ਰਾਹੀਂ ਡਿਊਟੀ ‘ਤੇ ਨਾ ਆਉਣ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੀ ਚਿਤਾਵਨੀ ਦਿੱਤੀ ਗਈ ਹੈ।
ਪੰਜਾਬ ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਅਜਿਹੀਆਂ ਚਿਤਾਵਨੀਆਂ ਦੇ ਬਾਵਜੂਦ ਮੁਲਾਜ਼ਮ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਵਾਪਸ ਨਹੀਂ ਲਈ ਜਾਵੇਗੀ।
ਡੀ.ਸੀ. ਦਫ਼ਤਰਾਂ ਬਾਹਰ ਧਰਨੇ ਦੇਣਗੇ ਮੁਲਾਜ਼ਮ
ਜਥੇਬੰਦੀ ਨੇ ਹੜਤਾਲ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਅੱਗੇ 4 ਦਸੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਵੀ ਧਰਨਾ ਲਾਉਣ ਦੀ ਚਿਤਾਵਨੀ ਦਿੱਤੀ ਗਈ ਹੈ।
ਆਮ ਲੋਕਾਂ ਦੇ ਕੰਮ ਹੋ ਸਕਦੇ ਹਨ ਪ੍ਰਭਾਵਿਤ
ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਰਟੀਫਿਕੇਟਾਂ, ਦਸਤਾਵੇਜ਼ਾਂ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਰੁਕ ਸਕਦੇ ਹਨ। ਹੁਣ ਇਸ ਮਾਮਲੇ ਵਿੱਚ ਸਰਕਾਰ ਅਤੇ ਮੁਲਾਜ਼ਮ ਜਥੇਬੰਦੀ ਵਿਚਕਾਰ ਗੱਲਬਾਤ ਹੁੰਦੀ ਹੈ ਜਾਂ ਨਹੀਂ, ਇਸ ‘ਤੇ ਹੜਤਾਲ ਖ਼ਤਮ ਹੋਣ ਦੀ ਸੰਭਾਵਨਾ ਨਿਰਭਰ ਕਰੇਗੀ।