ਅੰਮ੍ਰਿਤਸਰ :- ਪ੍ਰੀਖਿਆਵਾਂ ਅਤੇ ਭਰਤੀ ਪ੍ਰਕਿਰਿਆ ਦੌਰਾਨ ਕਕਾਰ ਤੇ ਕਿਰਪਾਨ ਪਹਿਨ ਕੇ ਪਹੁੰਚਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਰੋਕੇ ਜਾਣ ਦੀਆਂ ਘਟਨਾਵਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲਿਆ ਹੈ। ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਰਮ ਵਿੱਚ ਕਕਾਰਾਂ ਦਾ ਵਿਸ਼ੇਸ਼ ਮਹੱਤਵ ਹੈ ਅਤੇ ਇਨ੍ਹਾਂ ਨੂੰ ਪਹਿਨਣਾ ਧਾਰਮਿਕ ਆਸਥਾ ਤੇ ਪਛਾਣ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਇਸ ਆਧਾਰ ’ਤੇ ਪ੍ਰੀਖਿਆ ਦੇਣ ਤੋਂ ਰੋਕਣਾ ਠੀਕ ਨਹੀਂ ਹੈ।
ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ
ਧਾਮੀ ਨੇ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਉਹ ਪਹਿਲਾਂ ਵੀ ਆਪਣਾ ਪੱਖ ਰੱਖਦੇ ਰਹੇ ਹਨ, ਪਰ ਵਾਰ-ਵਾਰ ਬਿਆਨ ਦੇਣ ਨਾਲ ਸਮੱਸਿਆ ਦਾ ਸਥਾਈ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਮੁਤਾਬਕ ਹੁਣ ਐੱਸਜੀਪੀਸੀ ਅਜਿਹਾ ਕਾਨੂੰਨੀ ਰਾਹ ਅਪਣਾਉਣ ਬਾਰੇ ਵਿਚਾਰ ਕਰ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਜਾਂ ਭਰਤੀ ਟੈਸਟਾਂ ਦੌਰਾਨ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਰਾਜਸਥਾਨ ਦੇ ਮਾਮਲੇ ’ਚ ਵੀ ਦਾਇਰ ਹੋਈ ਸੀ ਪਟੀਸ਼ਨ
ਐੱਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਰਾਜਸਥਾਨ ਵਿੱਚ ਇਸੇ ਤਰ੍ਹਾਂ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਲਾਂਕਿ, ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਸਬੰਧਤ ਅਧਿਕਾਰ ਖੇਤਰ ਵਾਲੀ ਅਦਾਲਤ ਵਿੱਚ ਜਾਣ ਦੀ ਹਦਾਇਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਮਸਲੇ ਦਾ ਅਜਿਹਾ ਹੱਲ ਲੱਭਣ ਦੀ ਲੋੜ ਹੈ, ਜਿਸ ਨਾਲ ਦੇਸ਼ ਭਰ ਵਿੱਚ ਸਿੱਖ ਵਿਦਿਆਰਥੀਆਂ ਦੇ ਅਧਿਕਾਰਾਂ ਦੀ ਰਾਖੀ ਹੋ ਸਕੇ।
ਕਿਰਪਾਨ ਲਈ ਹਵਾਈ ਸਫ਼ਰ ਦੇ ਨਿਯਮਾਂ ਦੀ ਦਿੱਤੀ ਮਿਸਾਲ
ਧਾਮੀ ਨੇ ਕਿਹਾ ਕਿ ਹਵਾਈ ਜਹਾਜ਼ ਵਿੱਚ ਸਫ਼ਰ ਦੌਰਾਨ ਵੀ ਨਿਰਧਾਰਤ ਮਾਪਦੰਡਾਂ ਅਨੁਸਾਰ ਛੇ ਇੰਚ ਤੱਕ ਦੀ ਕਿਰਪਾਨ ਲਿਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਰਪਾਨ ਲਈ ਨਿਯਮਾਂ ਤਹਿਤ ਮਾਪਦੰਡ ਤੈਅ ਕੀਤੇ ਜਾ ਸਕਦੇ ਹਨ ਤਾਂ ਕੜਾ ਜਾਂ ਹੋਰ ਕਕਾਰ ਪਹਿਨਣ ’ਤੇ ਕਿਸੇ ਨੂੰ ਕੀ ਇਤਰਾਜ਼ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਇੱਕ ਆਜ਼ਾਦ ਦੇਸ਼ ਹੈ ਅਤੇ ਸਰਕਾਰੀ ਵਿਭਾਗਾਂ ਤੇ ਅਧਿਕਾਰੀਆਂ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਕਕਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਹੈ। ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰਨਾ ਮੰਦਭਾਗਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਿੱਖਾਂ ਦੀ ਧਾਰਮਿਕ ਪਛਾਣ ਅਤੇ ਆਸਥਾ ਦਾ ਸਤਿਕਾਰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।