ਚੰਡੀਗੜ੍ਹ :- ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ। ਹਸਪਤਾਲ ਪ੍ਰਬੰਧਨ ਅਨੁਸਾਰ, ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਹਾਲਾਤ ਲਗਾਤਾਰ ਸੁਧਰ ਰਹੇ ਹਨ। ਜੇਕਰ ਸਭ ਕੁਝ ਠੀਕ ਰਿਹਾ ਤਾਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।
ਰਾਜਪਾਲ ਨੇ ਹਸਪਤਾਲ ਪਹੁੰਚ ਕੇ ਲਈ ਖ਼ੈਰ-ਖ਼ਬਰ
ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਫੋਰਟਿਸ ਹਸਪਤਾਲ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਮੇਤ ਕਈ ਉੱਚ ਅਧਿਕਾਰੀ ਮੌਜੂਦ ਸਨ। ਰਾਜਪਾਲ ਨੇ ਦੱਸਿਆ ਕਿ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਆਰਾਮ ਦੀ ਸਲਾਹ ਦਿੱਤੀ ਹੈ ਅਤੇ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਜਤਾਈ ਚਿੰਤਾ
ਰਾਜਪਾਲ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਚਿੰਤਤ ਸਨ। ਉਨ੍ਹਾਂ ਨੇ ਕਈ ਵਾਰ ਭਗਵੰਤ ਮਾਨ ਦੇ ਹਾਲ-ਚਾਲ ਬਾਰੇ ਪੁੱਛਿਆ ਅਤੇ ਇੱਥੋਂ ਤੱਕ ਕਿਹਾ ਕਿ ਜਿਵੇਂ ਹੀ ਉਹ ਹੈਲੀਕਾਪਟਰ ਤੋਂ ਉਤਰਣ, ਤੁਰੰਤ ਉਨ੍ਹਾਂ ਨੂੰ ਸਿਹਤ ਬਾਰੇ ਜਾਣਕਾਰੀ ਦਿੱਤੀ ਜਾਵੇ।
ਹੜ੍ਹ ਪੀੜਤ ਪੰਜਾਬ ਲਈ 1600 ਕਰੋੜ ਦੀ ਟੋਕਨ ਰਕਮ
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਬਾਕੀ ਰਕਮ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾਣ ਵਾਲੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਰਾਜਪਾਲ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਨੂੰ 100 ਫ਼ੀਸਦੀ ਮੁਆਵਜ਼ਾ ਮਿਲੇਗਾ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।