ਬਟਾਲਾ :- ਸ਼ੁੱਕਰਵਾਰ ਦੁਪਹਿਰ ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ ’ਚ ਦਹਿਸ਼ਤ ਫੈਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਘਰ ਅੰਦਰ ਬੈਠੇ ਇਕ ਵਿਅਕਤੀ ਨੂੰ ਮੋਟਰਸਾਈਕਲ ’ਤੇ ਆਏ ਤਿੰਨ ਅਣਪਛਾਤੇ ਨੌਜਵਾਨਾਂ ਨੇ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਮਾਰੀਆਂ।
ਛਾਤੀ ’ਚ ਲੱਗੀਆਂ ਤਿੰਨ ਗੋਲੀਆਂ
ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਪਹਿਚਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਉਸਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਰਕੇ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਲਾਜ ਦੌਰਾਨ ਮੌਤ ਦੀ ਪੁਸ਼ਟੀ
ਜ਼ਖ਼ਮੀ ਦੇ ਭਰਾ ਰਸ਼ਪਾਲ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਆਉਂਦਿਆਂ ਹੀ ਪੰਜ ਗੋਲੀਆਂ ਚਲਾਈਆਂ ਜਿਨ੍ਹਾਂ ਵਿਚੋਂ ਤਿੰਨ ਗੋਲੀਆਂ ਕੁਲਵੰਤ ਸਿੰਘ ਨੂੰ ਲੱਗੀਆਂ। ਉਸ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੇ ਭਰਾ ਦੀ ਮੌਤ ਹੋ ਗਈ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ ਨੇ ਕਿਹਾ ਕਿ ਮੁਢਲੀ ਜਾਂਚ ਜਾਰੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਘਾਲੇ ਜਾ ਰਹੇ ਹਨ। ਹਾਲਾਂਕਿ, ਇਲਾਜ ਦੌਰਾਨ ਮੌਤ ਦੀ ਪੁਸ਼ਟੀ ਸਬੰਧੀ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਮਿਲੀ।