ਗੁਰਦਾਸਪੁਰ :- ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਹਾਲ-ਚਾਲ ਪੁੱਛਿਆ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ
ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਾਲ ਹੀ ਚੱਲ ਰਹੇ ਰਾਹਤ ਕਾਰਜਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਗੁਰਦਾਸਪੁਰ ਗੈਸਟ ਹਾਊਸ ਵਿਖੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਕੇਂਦਰ ਸਰਕਾਰ ਪੰਜਾਬ ਦੇ ਨਾਲ – ਸ਼ੋਭਾ ਕਰੰਦਲਾਜੇ
ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਹੜ੍ਹਾਂ ਨੇ ਸਰਹੱਦੀ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ।
1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ
ਕੇਂਦਰੀ ਮੰਤਰੀ ਨੇ ਦੱਸਿਆ ਕਿ ਕੇਂਦਰ ਵੱਲੋਂ ਸੂਬੇ ਲਈ 1600 ਕਰੋੜ ਰੁਪਏ ਦਾ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕੀਤਾ ਗਿਆ ਹੈ। ਨਾਲ ਹੀ ਇਹ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾ ਬਣੇ, ਇਸ ਲਈ ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਯਤਨ ਕਰਨਗੀਆਂ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਵੀ ਪੰਜਾਬ ਸਰਕਾਰ ਨੂੰ ਮੁਹੱਈਆ ਕਰਵਾਈ ਜਾਵੇਗੀ।