ਮਾਨਸਾ :- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪਿਛਲੀ ਪੇਸ਼ੀ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ ‘ਤੇ ਸਾਰੇ ਦੋਸ਼ੀਆਂ ਨੂੰ ਵਿਅਕਤੀਗਤ ਤੌਰ ‘ਤੇ ਹਾਜ਼ਰ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ ਅੱਜ ਸਿਰਫ਼ ਇੱਕ ਦੋਸ਼ੀ ਦੀਪਕ ਮੁੰਡੀ ਨੂੰ ਅਦਾਲਤ ਵਿੱਚ ਵਿਅਕਤੀਗਤ ਤੌਰ ‘ਤੇ ਲਿਆਂਦਾ ਗਿਆ, ਜਦਕਿ ਬਾਕੀ ਦੋਸ਼ੀਆਂ ਦੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋਈ।
ਗਵਾਹ ਮਨਪ੍ਰੀਤ ਸਿੰਘ ਨੇ ਅਦਾਲਤ ਵਿੱਚ ਦਿੱਤੀ ਗਵਾਹੀ
ਇਸ ਮਾਮਲੇ ਵਿੱਚ ਅੱਜ ਗਵਾਹ ਦੇ ਤੌਰ ‘ਤੇ ਮਨਪ੍ਰੀਤ ਸਿੰਘ ਅਦਾਲਤ ਵਿੱਚ ਹਾਜ਼ਰ ਹੋਏ ਅਤੇ ਆਪਣੀ ਗਵਾਹੀ ਦਰਜ ਕਰਵਾਈ। ਮੂਸੇਵਾਲਾ ਪੱਖ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਬਲਕੌਰ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਦੇ ਚਲਦੇ ਅਦਾਲਤ ਨੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕਰਨ ਦਾ ਫ਼ੈਸਲਾ ਕੀਤਾ। ਅਗਲੀ ਪੇਸ਼ੀ 17 ਅਕਤੂਬਰ ਲਈ ਨਿਰਧਾਰਤ ਕੀਤੀ ਗਈ ਹੈ।
ਦੋਸ਼ੀਆਂ ਦੀ ਪਛਾਣ ਨੂੰ ਲੈ ਕੇ ਬਲਕੌਰ ਸਿੰਘ ਦੀ ਚਿੰਤਾ
ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ ਕਿ ਉਹ ਵੀਡੀਓ ਕਾਨਫਰੰਸ ਰਾਹੀਂ ਦੋਸ਼ੀਆਂ ਦੀ ਪਛਾਣ ਸਹੀ ਢੰਗ ਨਾਲ ਨਹੀਂ ਕਰ ਸਕਦੇ। ਇਸ ਲਈ ਉਨ੍ਹਾਂ ਮੰਗ ਕੀਤੀ ਸੀ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਵਿਅਕਤੀਗਤ ਤੌਰ ‘ਤੇ ਪੇਸ਼ ਕੀਤਾ ਜਾਵੇ। ਇਸ ਅਰਜ਼ੀ ਨੂੰ ਸਵੀਕਾਰਦਿਆਂ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਸਾਰੇ ਮੁਲਜ਼ਮਾਂ ਨੂੰ ਸਿੱਧੇ ਤੌਰ ‘ਤੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।