
ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਪੰਜਾਬ ਦੇ ਤਕਨੀਕੀ ਸਿੱਖਿਆ ਬਾਰੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵਲੋਂ ਕੱਲ 4 ਜਨਵਰੀ ਨੂੰ ਨੌਜਵਾਨਾਂ ਲਈ ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ,ਜਿਸ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ ਉਪਰ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਸਬੰਧੀ ਸੂਬਾ ਪੱਧਰੀ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫ਼ਗਵਾੜਾ ਵਿਖੇ ਹੋਵੇਗਾ,ਜਿਸ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ,ਵਿਧਾਇਕ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਲੁਧਿਆਣਾ,ਜਲੰਧਰ,ਕਪੂਰਥਲਾ,ਰੋਪੜ,ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਦੀਆਂ ਆਈ.ਟੀ.ਆਈਜ਼ ਦੇ ਵਿਦਿਆਰਥੀ ਭਾਗ ਲੈਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ ਨੌਜਵਾਨਾਂ ਨੂੰ ਰੋਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਦਾ ਲਾਭ ਉਠਾਉਣ ਵਿਚ ਬਹੁਤ ਸਹਾਈ ਸਿੱਧ ਹੋਵੇਗੀ,ਜਿਸ ਨਾਲ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਤੋਂ ਇਲਾਵਾ ਸੂਬੇ ਦੀ ਤਰੱਕੀ ਵਿਚ ਵੀ ਆਪਣਾ ਬਣਦਾ ਯੋਗਦਾਨ ਪਾ ਸਕਣਗੇ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਐਲ.ਪੀ.ਯੂ ਵਿਖੇ ਜਾਇਜ਼ਾ ਵੀ ਲਿਆ ਗਿਆ।
ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਭਰ ਤੋਂ ਆ ਰਹੇ ਵਿਦਿਆਰਥੀਆਂ ਦੇ ਬੈਠਣ,ਖਾਣ-ਪੀਣ ਦੇ ਢੁਕਵੇਂ ਪ੍ਰਬੰਧ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸੁਰੱਖਿਆ ਵਿਵਸਥਾ,ਸੁਚਾਰੂ ਆਵਾਜ਼ੀ ਆਦਿ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐਸ ਡੀ ਐਮ ਫਗਵਾੜਾ ਕੁਲਪਰੀਤ ਸਿੰਘ ਤੇ ਹੋਰ ਉਚ ਅਧਿਕਾਰੀ ਵੀ ਹਾਜਰ ਸਨ।