ਤਰਨ ਤਾਰਨ :- ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਵੀ ਇੱਕ ਹੋਰ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
35 ਸਾਲਾ ਨੌਜਵਾਨ ਦੀ ਜਾਨ ਗਈ
ਮਿਲੀ ਜਾਣਕਾਰੀ ਅਨੁਸਾਰ, ਫਤਿਆਬਾਦ ਨੇੜੇ ਮੁਹੱਲਾ ਚੰਡੀਗੜ੍ਹ ਦਾ ਰਹਿਣ ਵਾਲਾ 35 ਸਾਲਾ ਲਵਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦਾ ਆਦੀ ਹੋ ਗਿਆ ਸੀ। ਅੱਜ ਉਸਨੇ ਘਰ ਤੋਂ ਬਾਹਰ ਜਾ ਕੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਿਵਾਰ ਵਲੋਂ ਪੁਲਿਸ ‘ਤੇ ਇਲਜ਼ਾਮ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਸਾਹਮਣੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਿੰਡ ਵਿੱਚ ਖੁੱਲ੍ਹੇਆਮ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਪਰ ਪੁਲਿਸ ਨੂੰ ਦੱਸਣ ਦੇ ਬਾਵਜੂਦ ਵੀ ਕਿਸੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਪਿੰਡ ਵਾਸੀਆਂ ਵਿੱਚ ਗੁੱਸਾ ਤੇ ਡਰ
ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਵੱਲੋਂ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹਾਲਾਤ ਹੋਰ ਵੀ ਬਿਗੜ ਸਕਦੇ ਹਨ।