ਅੰਮ੍ਰਿਤਸਰ :- ਦੇਸ਼ ਭਰ ਵਿੱਚ ਭਗਵਾਨ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਅੰਮ੍ਰਿਤਸਰ ਦੇ ਭਗਵਾਨ ਵਾਲਮੀਕੀ ਤੀਰਥ ਸਥਲ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ।
ਸਮਾਜ ਵੱਲੋਂ ਦੁਕਾਨਾਂ ਬੰਦ ਕਰਨ ਦੀ ਬੇਨਤੀ
ਇਸ ਪਵਿੱਤਰ ਦਿਨ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਗਈ ਸੀ ਕਿ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੀਟ, ਆਂਡਾ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾਈਆਂ ਜਾਣ।
ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਇਸ ਸਬੰਧੀ ਸ੍ਰੀ ਰੋਹਿਤ ਗੁਪਤਾ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54(1) ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 6 ਅਕਤੂਬਰ 2025 ਨੂੰ ਸ਼ੋਭਾ ਯਾਤਰਾ ਦੇ ਰਸਤੇ ਤੋਂ 100 ਮੀਟਰ ਹੱਦ ਤੱਕ ਸਾਰੀਆਂ ਮੀਟ, ਆਂਡਾ ਅਤੇ ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
ਹੁਕਮਾਂ ਦੀ ਪਾਲਣਾ ਲਈ ਸਖ਼ਤ ਨਿਗਰਾਨੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਆਮ ਜਨਤਾ ਨੂੰ ਧਿਆਨ ਵਿੱਚ ਰੱਖਦਿਆਂ ਇਕਤਰਫ਼ਾ ਤੌਰ ‘ਤੇ ਜਾਰੀ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ, ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਕਮਿਸ਼ਨਰ ਨਗਰ ਨਿਗਮ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਨੂੰ ਆਪਣੇ ਖੇਤਰਾਂ ਵਿੱਚ ਇਹ ਹੁਕਮ ਕੜਾਈ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।