ਚੰਡੀਗੜ੍ਹ :- ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਇਸ ਵਾਰ ਮੰਡੀਆਂ ਵਿੱਚ ਆ ਰਹੀ ਝੋਨੇ ਦੀ ਫ਼ਸਲ ਉੱਚ ਗੁਣਵੱਤਾ ਵਾਲੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਖ਼ਰੀਦ ਤੋਂ 24 ਘੰਟਿਆਂ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੂੰ ਫ਼ਸਲ ਸੁਕਾ ਕੇ ਲਿਆਉਣ ਦੀ ਅਪੀਲ
ਅੱਜ ਬਠਿੰਡਾ ਖੇਤਰ ਦੀਆਂ ਕਈ ਅਨਾਜ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲਿਆਂਣ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਈ ਥਾਵਾਂ ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕਿਸਾਨਾਂ ਨੇ ਹਿੰਮਤ ਨਾ ਹਾਰੀ ਅਤੇ ਪੂਰੇ ਜੋਸ਼ ਨਾਲ ਮਿਹਨਤ ਕੀਤੀ ਹੈ।
ਹੁਣ ਤੱਕ 11 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਮੰਡੀਆਂ ਵਿੱਚ
ਮੰਤਰੀ ਨੇ ਦੱਸਿਆ ਕਿ ਹੁਣ ਤੱਕ ਲਗਭਗ 11 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਖ਼ਰੀਦ ਏਜੰਸੀਆਂ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦੇ ਰਹੀਆਂ ਹਨ।
ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ
ਕਟਾਰੂਚੱਕ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਏਜੰਸੀ ਸਰਕਾਰੀ ਨਿਯਮਾਂ ਦੀ ਉਲੰਘਣਾ ਕਰੇਗੀ ਤਾਂ ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਜ਼ਰਵ ਬੈਂਕ ਵੱਲੋਂ ਫ਼ਸਲਾਂ ਦੀ ਖ਼ਰੀਦ ਲਈ ਫੰਡ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਵੱਲੋਂ ਗੁਣਵੱਤਾ ਦੀ ਜਾਂਚ
ਇਸ ਮੌਕੇ ਕਟਾਰੂਚੱਕ ਨੇ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ ਗੁਣਵੱਤਾ ਦੀ ਖੁਦ ਜਾਂਚ ਕੀਤੀ ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਹਰ ਕਿਸਾਨ ਨੂੰ ਉਸਦੀ ਫ਼ਸਲ ਦਾ ਪੂਰਾ ਹੱਕ ਮਿਲ ਸਕੇ।